ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਦੋਂ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਸਭ ਤੋਂ ਮਾੜੇ ਹਾਲਾਤਾਂ ਵਿਚ ਹੈ ਤੇ ਫਿਰਕੂ ਸਦਭਾਵਨਾ ਖਿੰਡੀ ਹੋਈ ਹੈ, ਉਦੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਧੀਨ ਕਰ ਦਿੱਤਾ ਹੈ ਤਾਂ ਜੋ ਉਹ ਆਪਣੇ ਨਿੱਜੀਆਂ ਸਿਆਸੀ ਕਿੜਾਂ ਕੱਢ ਸਕਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਸ੍ਰੀ ਕੇਜਰੀਵਾਲ ਦੇ ਹੱਥ ਵਿਚ ਕਠਪੁਤਲੀ ਨਾ ਬਣਨ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਅਮਨ ਕਾਨੂੰਨ ਵਿਵਸਥਾ ਦੀ ਮੀਟਿੰਗ ਲੈਣੀ ਚਾਹੀਦੀ ਹੈ ਤੇ ਨਲ ਹੀ ਹਾਲ ਹੀ ਵਿਚ ਪਟਿਆਲਾ ਹਿੰਸਾ ਵਿਚ ਫਿਰਕੂ ਤਣਾਅ ਭੜਕਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਨਾ ਕਿ ਆਪਣੇ ਆਪ ਨੁੰ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਵਿਚ ਤਾਇਨਾਤ ਕਰ ਕੇ ਆਪ ਦੇ ਵਿਰੋਧੀਆਂ ਨੁੰ ਗ੍ਰਿਫਤਾਰ ਕਰਨ ਵਿਚ ਉਲਝਾਉਣ।
ਸਰਦਰਾ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਇਹ ਬਦਲਾਖੋਰੀ ਦੀ ਰਾਜਨੀਤੀ ਬੰਦ ਕਰਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਚੋਣ ਇਸ ਕੰਮ ਵਾਸਤੇ ਨਹੀਂ ਕੀਤੀ ਸੀ। ਪੰਜਾਬੀ ਚਾਹੁੰਦੇ ਹਨ ਕਿ ਬਦਲਾਅ ਦੇ ਕੀਤੇ ਵਾਅਦੇ ਅਨੁਸਾਰ ਅਰਥਭਰਪੂਰ ਕੰਮ ਹੋਵੇ। ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ, ਆਮ ਆਦਮੀ ਪਾਰਟੀ ਸਰਕਾਰ ਤੇਜਿੰਦਰ ਬੱਗਾ ਵਰਗੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਕੇਸ ਦਰਜ ਕਰ ਰਹੀ ਹੈ ਜਿਸਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਤੇ ਫਿਰ ਉਸਨੂੰ ਪੰਜਾਬ ਪੁਲਿਸ ਦੀ ਗ੍ਰਿਫਤ ਵਿਚੋਂ ਹਰਿਆਣਾ ਪੁਲਿਸ ਛੁਡਾ ਕੇ ਦਿੱਲੀ ਪੁਲਿਸ ਹਵਾਲੇ ਕਰ ਦਿੰਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਸਭ ਗੈਰ ਲੋੜੀਂਦਾ ਸੀ। ਉਹਨਾਂ ਨੇ ਪੰਜਾਬ ਪੁਲਿਸ ਮੁਖੀ ਨੂੰ ਵੀ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਗੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕਰਨ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਇਕ ਪ੍ਰੋਫੈਸ਼ਨਲ ਫੋਰਸ ਮੰਨਿਆ ਜਾਂਦਾ ਹੈ ਪਰ ਜਿਸ ਤਰੀਕੇ ਆਪ ਸਰਕਾਰ ਨੇ ਇਸ ਦੁਰਵਰਤੋਂ ਕੀਤੀ ਹੈ, ਇਹ ਮਖੌਲ ਦਾ ਪਾਤਰ ਬਣ ਗਈ ਹੈ। ਡੀ ਜੀ ਪੀ ਨੂੰ ਦਲੇਰੀ ਵਿਖਾਉਣੀ ਚਾਹੀਦੀ ਹੈ ਤੇ ਬਦਲਾਖੋਰੀ ਦੀ ਰਾਜਨੀਤੀ ਦਾ ਹਿੱਸਾ ਨਹੀਂ ਬਣਨਾ ਚਾਹੀਦਾ।
ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਵੀ ਇਹ ਸ਼ੰਕੇ ਦੂਰ ਕਰ ਦਿੱਤੇ ਹਨ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਆਪਣੇ ਸਿਆਸੀ ਸਾਮਰਾਜ ਦੀ ਇਕ ਕਲੌਨੀ ਵਜੋਂ ਵਰਤਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਅਸਿੱਧੇ ਤੌਰ 'ਤੇ ਦਿੱਲੀ ਦਰਬਾਰ ਦਾ ਸੂਬੇਦਾਰ ਬਣ ਗਿਆ ਹੈ। ਅਫਸਰਾਂ ਦੇ ਸਾਰੇ ਤਬਾਦਲੇ ਤੇ ਤਾਇਨਾਤੀਆਂ ਦਿੱਲੀ ਤੋਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਵਿਚ ਦਿੱਲੀ ਸਰਕਾਰ ਦੀ ਸਹਾਇਕ ਇਕਾਈ ਬਣ ਗਈ ਹੈ। ਹਾਲ ਹੀ ਵਿਚ ਦੋਹਾਂ ਸਰਕਾਰਾਂ ਵਿਚਾਲੇ ਹੋਏ ਸਮਝੌਤੇ ਨੇ ਪੰਜਾਬ ਦਾ ਪ੍ਰਸ਼ਾਸਕੀ ਕੰਟਰੋਲ ਪੂਰੀ ਤਰਾਂ ਦਿੱਲੀ ਹਵਾਲੇ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚਣ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੁਣ ਆਮ ਆਦਮੀ ਪਾਰਟੀ ਦੇ ਵਿਰੋਧੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਹਦਾਇਤਾਂ ਲੈ ਰਹੇ ਹਨ।