ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦਾ ਧਰਨਾ ਵੱਡੇ ਪੱਧਰ ’ਤੇ ਕੋਰੋਨਾ ਫੈਲਣ ਦਾ ਕਾਰਣ ਬਣ ਸਕਦਾ ਹੈ। ਐਤਵਾਰ ਨੂੰ ਮੁੱਖ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਵੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਾਲਾਤ ਦਿੱਲੀ, ਮਹਾਰਾਸ਼ਟਰ ਜਿਹੇ ਸੂਬਿਆਂ ਵਰਗੇ ਹੋਣ ਤੋਂ ਰੋਕਣ ਲਈ ਸਖ਼ਤ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਤਿੰਨ ਦਿਨੀਂ ਪ੍ਰਸਤਾਵਿਤ ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬਾ ਸਰਕਾਰ ਦੇ ਹੁਣ ਤੱਕ ਦੇ ਯਤਨਾਂ ’ਤੇ ਪਾਣੀ ਫੇਰ ਸਕਦੀ ਹੈ।
ਅਮਰਿੰਦਰ ਸਿੰਘ ਨੇ ਕਿਸਾਨ ਜੱਥੇਬੰਦੀ ਨੂੰ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜ਼ਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਉਲੰਘਣਾ ਪੰਜਾਬ ਅਤੇ ਇੱਥੇ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ ਵਿਚ ਮੁੱਖ ਤੌਰ ’ਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ, ਜਦੋਂ ਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਾਤ ਵਿਚ ਸੰਕਟ 'ਚੋਂ ਲੰਘ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਜੱਥੇਬੰਦੀ ਦਾ ਇਹ ਕਦਮ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਇਨ੍ਹਾਂ ਕਈ ਮਹੀਨਿਆਂ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਸੂਬਾ ਸਰਕਾਰ ਦੇ ਸਦ੍ਰਿੜ ਸਹਿਯੋਗ ਨੂੰ ਵਿਚਾਰਦਿਆਂ ਪੂਰੀ ਤਰ੍ਹਾਂ ਅਣ-ਉਚਿਤ ਕਿਹਾ ਜਾ ਸਕਦਾ ਹੈ।