ਮੁਹਾਲੀ : ਮੁਹਾਲੀ ਵਿੱਚ ਕੋਰੋਨਾ ਮਹਾਮਾਰੀ ਕਾਰਨ ਬਜ਼ਾਰ ਬੰਦ ਕਰ ਦਿੱਤੇ ਗਏ ਸਨ ਕੇਵਲ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਹੀ ਖੋਲੀਆਂ ਜਾ ਰਹੀਆਂ ਸੀ | ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਜ਼ਿਲ੍ਹੇ ਅੰਦਰ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਦਿਨਾਂ ਵਿੱਚ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਮੀਟਿੰਗ ਵਿੱਚ ਐੱਸਐੱਸਪੀ ਸਤਿੰਦਰ ਸਿੰਘ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਏਡੀਸੀ (ਵਿਕਾਸ) ਰਾਜੀਵ ਗੁਪਤਾ ਸਮੇਤ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਸੀਨੀਅਰ ਮੀਤ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਤਿੰਨੇ ਸਬ-ਡਿਵੀਜ਼ਨਾਂ ਦੇ ਐੱਸਡੀਐੱਮ ਮੌਜੂਦ ਸਨ। ਔਡ ਈਵਨ ਫਾਰਮੂਲੇ ਨੂੰ ਖ਼ਤਮ ਕਰਦਿਆਂ ਹੁਣ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਨਿੱਜੀ ਦਫ਼ਤਰਾਂ ਨੂੰ 50 ਫੀਸਦ ਸਟਾਫ਼ ਨਾਲ ਕੰਮ ਕਰਨ ਦੀ ਖੁੱਲ੍ਹ ਹੋਵੇਗੀ।