ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਜੂਨ 1984 ਫੌਜੀ ਹਮਲੇ ਦੇ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰਕਾਸ਼ਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜਿਸ ਸਰੂਪ ਨੂੰ ਗੋਲੀ ਲੱਗੀ ਸੀ, ਉਸ ਪਾਵਨ ਸਰੂਪ ਨੂੰ ਉਸੇ ਹਾਲਤ ਵਿਚ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ 37 ਸਾਲ ਬਾਅਦ ਸੰਗਤਾਂ ਨੇ ਇਸ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਦਾ ਅਹਿਮ ਫ਼ੈਸਲਾ ਲਿਆ ਹੈ। 6 ਜੂਨ ਨੂੰ ਹਰ ਸਾਲ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਧਾਰਮਿਕ ਅਤੇ ਵੱਖ-ਵੱਖ ਪੰਥਕ ਪਾਰਟੀਆਂ ਦੇ ਆਗੂ ਇਥੇ ਪਹੁੰਚਦੇ ਹਨ। ਇਸ ਸਮਾਗਮ ਤੋਂ ਪਹਿਲਾਂ 3, 4, 5 ਜੂਨ ਨੂੰ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰ ਦਿੱਤੇ ਗਏ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿਚ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੇ। ਇਸ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਲਗਾਤਾਰ ਪਾਵਨ ਸਰੂਪ ਦੇ ਦਰਸ਼ਨ ਕਰਾਉਣ ਲਈ ਪ੍ਰਬੰਧ ਕਰ ਰਹੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਆਦਿ ਮੌਜੂਦ ਸਨ।