-ਲੋਕ ਸਿਹਤ ਸਹੂਲਤਾਂ ਦੀ ਘਾਟ ਨਾਲ ਮਰ ਰਹੇ ਹਨ ਤੇ ਸਿਹਤ ਮੰਤਰੀ ਨਿੱਜੀ ਹਸਪਤਾਲਾਂ ਨੂੰ ਮੁਨਾਫ਼ਾ ਦੇ ਰਿਹੈ
ਐਸ.ਏ.ਐਸ ਨਗਰ/ਮੁਹਾਲੀ (ਸੱਚੀ ਕਲਮ ਬਿਊਰੋ) : ਐਸ.ਏ.ਐਸ ਨਗਰ, ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫਲ ਰਹਿਣ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਸ. ਕੁਲਵੰਤ ਸਿੰਘ ਨੇ ਬਲਬੀਰ ਸਿੰਘ ਸਿੱਧੂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਨੂੰ ਵੈਕਸੀਨ ਸਮੇਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਸਿਹਤ ਮੰਤਰੀ ਦੀ ਜਿੰਮੇਵਾਰੀ ਹੁੰਦੀ ਹੈ, ਪ੍ਰੰਤੂ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਵੱਲੋਂ ਕੋਰੋਨਾ ਤੋਂ ਬਚਾਅ ਲਈ 400 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੋਵੈਕਸੀਨ ਦੀਆਂ ਭੇਜੀਆਂ 1 ਲੱਖ 40 ਹਜ਼ਾਰ ਖੁਰਾਕਾਂ ਲੋਕਾਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਉਣ ਦੀ ਬਜਾਏ 20 ਨਿੱਜੀ ਹਸਪਤਾਲਾਂ ਨੂੰ 1060 ਪ੍ਰਤੀ ਡੋਜ਼ ਦੇ ਹਿਸਾਬ ਨਾਲ 42, 000 ਹਜ਼ਾਰ ਖੁਰਾਕਾਂ ਵੇਚ ਦਿੱਤੀਆਂ ਤਾਂ ਜੋ ਨਿੱਜੀ ਹਸਪਤਾਲਾਂ ਵਾਲੇ ਹੋਰ ਮੁਨਾਫ਼ਾ ਕਮਾ ਸਕਣ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਲਈ ਨੈਤਿਕਤਾ ਦੇ ਅਧਾਰ ’ਤੇ ਬਲਬੀਰ ਸਿੱਧੂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਆਈ ਸੀ ਤਾਂ ਉਸ ਵੇਲੇ ਮਾਹਿਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਵੀ ਆਵੇਗੀ, ਪ੍ਰੰਤੂ ਇਸਦੇ ਬਾਵਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਗਾਊਂ ਠੋਸ ਪ੍ਰਬੰਧ ਨਹੀਂ ਕੀਤੇ, ਜਿਸਦੇ ਨਤੀਜੇ ਵਜੋਂ ਪੰਜਾਬ ਵਿੱਚ ਆਕਸੀਜ਼ਨ ਦੀ ਕਿੱਲਤ ਬਹੁਤ ਜ਼ਿਆਦਾ ਰਹੀ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲੋਂ ਨਿੱਜੀ ਹਸਪਤਾਲਾਂ ਦੀ ਜ਼ਿਆਦਾ ਫਿਕਰ ਹੈ ਇਸੇ ਲਈ ਕਦੀ ਉਹ ਨਿੱਜੀ ਹਸਪਤਾਲਾਂ ਨੂੰ ਵੈਂਟੀਲੇਟਰ ਦੇ ਦਿੰਦੇ ਹਨ ਅਤੇ ਕਦੇ ਵੈਕਸੀਨ। ਸ. ਕੁਲਵੰਤ ਸਿੰਘ ਨੇ ਕਿਹਾ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਲੋਕ ਸਿਹਤ ਸਹੂਲਤਾਂ ਦੀ ਘਾਟ ਕਾਰਨ ਮਰ ਰਹੇ ਹਨ ਤੇ ਸਿਹਤ ਮੰਤਰੀ ਨੂੰ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨਾਲੋਂ ਨਿੱਜੀ ਹਸਪਤਾਲਾਂ ਨੂੰ ਸਹੂਲਤਾਂ ਦੇਣ ਵਿੱਚ ਵਿਅਸਥ ਹਨ।