ਨਵੀਂ ਦਿੱਲੀ- ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਸਰਕਾਰ ਨੇ ਬੁੱਧਵਾਰ ਨੂੰ ਫ਼ਸਲ ਸਾਲ 2021-22 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 72 ਰੁਪਏ ਵਧਾ ਕੇ 1, 940 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪਿਛਲੇ ਸਾਲ ਝੋਨੇ ਦਾ ਐੱਮ. ਐੱਸ. ਪੀ. 1, 868 ਰੁਪਏ ਪ੍ਰਤੀ ਕੁਇੰਟਲ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਸਾਉਣੀ ਫ਼ਸਲਾਂ ਦੇ ਐੱਮ. ਐੱਸ. ਪੀ. ਵਧਾਉਣ ਨੂੰ ਹਰੀ ਝੰਡੀ ਦਿੱਤੀ ਗਈ। ਸਰਕਾਰ ਨੇ ਦਾਲਾਂ, ਤਿਲਹਣ, ਮੱਕਾ ਤੇ ਹੋਰ ਫ਼ਸਲਾਂ ਦੇ ਖ਼ਰੀਦ ਮੁੱਲ ਵੀ ਵਧਾਏ ਹਨ। ਬਾਜਰੇ ਦਾ ਐੱਮ. ਐੱਸ. ਪੀ. 100 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ। ਇਸ ਦਾ ਘੱਟੋ-ਘੱਟ ਸਮਰਥਨ ਮੁੱਲ ਹੁਣ 2, 150 ਰੁਪਏ ਤੋਂ ਵਧਾ ਕੇ 2, 250 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ। ਮੰਤਰੀ ਮੰਡਲ ਫ਼ੈਸਲਿਆਂ ਬਾਰੇ ਪ੍ਰੈਸ ਬ੍ਰੀਫਿੰਗ ਵਿਚ ਤੋਮਰ ਨੇ ਕਿਹਾ, "ਕਿਸੇ ਨੂੰ ਵੀ ਐੱਮ. ਐੱਸ. ਪੀ. ਬਾਰੇ ਕੋਈ ਭੁਲੇਖਾ ਨਹੀਂ ਹੋਣਾ ਚਾਹੀਦਾ; ਇਹ ਜਾਰੀ ਹੈ ਤੇ ਵੱਧ ਰਿਹਾ ਹੈ ਅਤੇ ਇਹ ਜਾਰੀ ਰਹੇਗਾ।" ਕਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਸੰਸਦ ਵਿਚ ਵੀ ਭਰੋਸਾ ਦਿੱਤਾ ਸੀ ਕਿ ਐੱਮ. ਐੱਸ. ਪੀ. ਜਾਰੀ ਰਹੇਗਾ। ਉੱਥੇ ਹੀ, ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਰਕਸ਼ੀਲ ਆਧਾਰ 'ਤੇ ਆਪਣੀ ਚਿੰਤਾ ਲੈ ਕੇ ਆਉਣ।