-ਮਿਲਖਾ ਸਿੰਘ ਹੁਰਾਂ ਦੇ ਜੀਵਨ ਤੋਂ ਸੇਧ ਲੈਣ ਨੌਜਵਾਨ: ਸਰਬਜੀਤ ਸਿੰਘ
ਐਸ.ਏ.ਐਸ ਨਗਰ (ਸੱਚੀ ਕਲਮ ਬਿਊਰੋ) : ਐਸ.ਏ.ਐਸ ਨਗਰ, ਮੁਹਾਲੀ ਜ਼ਿਲ੍ਹੇ ਦੇ ਪਿੰਡ ਸੁੱਖਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਦੇ ਨੌਜਵਾਨਾਂ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਕੁੱਲ 48 ਟੀਮਾਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਆਜ਼ਾਦ ਗਰੁੱਪ ਦੇ ਮੁੱਖ ਬੁਲਾਰੇ ਸ. ਪਰਵਿੰਦਰ ਸਿੰਘ ਸੋਹਾਣਾ ਅਤੇ ਕੌਂਸਲਰ ਸ. ਸਰਬਜੀਤ ਸਿੰਘ ਸਮਾਣਾ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਸ. ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਣਿੱਖੜਵਾਂ ਅੰਗ ਹਨ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਖੇਡਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਨੌਜਵਾਨਾਂ ਨੂੰ ਸਰੀਰਿਕ ਪੱਖੋਂ ਪੂਰੀ ਤਰਾਂ ਤੰਦਰੁਸਤ ਰਹਿਣਾ ਚਾਹੀਦਾ ਹੈ।
ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕੌਂਸਲਰ ਸ. ਸਰਬਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਜਿੱਥੇ ਖੇਡਾਂ ਸਾਨੂੰ ਸਰੀਰਿਕ ਪੱਖੋਂ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਹੀ ਖੇਡਾਂ ਨਾਲ ਨੌਜਵਾਨਾਂ ਦਾ ਭਵਿੱਖ ਵੀ ਉਜਵਲ ਬਣਦਾ ਹੈ। ਉਹਨਾਂ ਉੱਡਣਾ ਸਿੱਖ ਮਰਹੂਮ ਸ. ਮਿਲਖਾ ਸਿੰਘ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ. ਮਿਲਖਾ ਸਿੰਘ ਹੁਰਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਸਾਨੂੰ ਖੇਡ ਜਗਤ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਨੇ ਚਾਹੀਦੇ ਹਨ ਤਾਂ ਜੋ ਦੁਨੀਆਂ ਭਰ ਵਿੱਚ ਪੰਜਾਬ ਤੇ ਭਾਰਤ ਦੇ ਮਾਣ ਨੂੰ ਹੋਰ ਵਧਾਇਆ ਜਾ ਸਕੇ। ਇਸ ਮੌਕੇ ਕਲੱਬ ਮੈਂਬਰ ਅਮਰਪਾਲ ਸਿੰਘ, ਸਿਮਰਨਜੀਤ ਸਿੰਘ, ਅਮਨਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਾਨ ਸਿੰਘ ਅਤੇ ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਨੇਕਾਂ ਸ਼ਖ਼ਸੀਅਤਾਂ ਹਾਜ਼ਰ ਸਨ।
ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਸ. ਪਰਵਿੰਦਰ ਸਿੰਘ ਸੋਹਾਣਾ ਅਤੇ ਸ. ਸਰਬਜੀਤ ਸਿੰਘ।