ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰਦਿਆਂ ਡੀਜ਼ਲ ਦੀ ਕੀਮਤ ਵਿਚ ਵੀ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਮੰਗਲਵਾਰ ਨੂੰ ਦਿੱਲੀ ਵਿਚ ਪੈਟਰੋਲ ਦੀ ਕੀਮਤ 97.50 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਵੀ 88.23 ਰੁਪਏ ਪ੍ਰਤੀ ਲੀਟਰ ਹੋ ਗਿਆ। ਇਸ ਕਾਰਨ ਹੁਣ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਅੱਠ ਰਾਜਾਂ ਵਿੱਚ ਪੈਟਰੋਲ ਦੀ ਪ੍ਰਚੂਨ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਚੋਣਾਂ ਤੋਂ 29 ਦਿਨਾਂ ਬਾਅਦ ਪੈਟਰੋਲ 7.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.45 ਰੁਪਏ ਮਹਿੰਗਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ 26 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਪਿਛਲੀ ਵਾਰ 27 ਫਰਵਰੀ 2021 ਨੂੰ ਡੀਜ਼ਲ ਦੀ ਕੀਮਤ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦੋ ਮਹੀਨਿਆਂ ਤੋਂ ਵੱਧ ਕੋਈ ਵਾਧਾ ਨਹੀਂ ਹੋਇਆ।