Friday, November 22, 2024
 

ਮਨੋਰੰਜਨ

‘ਗ੍ਰਹਿਣ’ ਦੇ ਰਿਲੀਜ਼ ਤੋਂ ਪਹਿਲਾਂ ਹੀ ਪਾਬੰਦੀ ਦੀ ਮੰਗ, ਕਿ ਹੈ ਪੂਰਾ ਮਾਮਲਾ ?

June 24, 2021 04:17 PM

ਅੰਮ੍ਰਿਤਸਰ : ਵੈੱਬ ਸੀਰੀਜ਼ 'ਗ੍ਰਹਿਣ' ਅੱਜ ਯਾਨੀ 24 ਜੂਨ ਵੀਰਵਾਰ ਨੂੰ ਓਟੀਟੀ ਪਲੈਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ ਸਟ੍ਰੀਮ ਹੋਣ ਜਾ ਰਹੀ ਹੈ, ਪਰ ਸੀਰੀਜ਼ ਦੀ ਰਿਲੀਜ਼ ਤੋਂ ਪਹਿਲਾਂ ਇਸ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਟਵਿੱਟਰ 'ਤੇ ਇਸ ਲੜੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਸੀਰੀਜ਼ ਦਾ ਵਿਰੋਧ ਕਰ ਰਹੇ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਪਾਬੰਦੀ ਦੀ ਮੰਗ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਗ ਕੀਤੀ ਹੈ ਕਿ 1984 ਦੇ ਦੰਗਿਆਂ ਦੀਆਂ ਘਟਨਾਵਾਂ 'ਤੇ ਆਧਾਰਤ ‘ਗ੍ਰਹਿਣ’ ਵੈੱਬ ਸੀਰੀਜ਼ 'ਤੇ ਤੁਰੰਤ ਰੋਕ ਲਗਾਈ ਜਾਵੇ।

ਇਹ ਵੀ ਪੜ੍ਹੋ : ਇੱਕੋ ਪਰਵਾਰ ਦੇ 7 ਜੀਆਂ ਦਾ ਕਤਲ

ਬੀਬੀ ਜਗੀਰ ਕੌਰ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਵੈੱਬ ਸੀਰੀਜ਼ ‘ਗ੍ਰਹਿਣ’ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ 'ਤੇ ਅਧਾਰਤ ਵੈੱਬ ਸੀਰੀਜ਼ ‘ਗ੍ਰਹਿਣ’ ਵਿਚ ਇਕ ਸਿੱਖ ਪਾਤਰ ਨੂੰ ਇਤਰਾਜ਼ਯੋਗ ਢੰਗ ਨਾਲ ਦਰਸਾਇਆ ਗਿਆ ਹੈ। ਵੈੱਬ ਸੀਰੀਜ਼ ਵਿਚ ਇਕ ਸਿੱਖ ਪਾਤਰ ‘ਤੇ ਸਿੱਖ ਨਸਲਕੁਸ਼ੀ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੀ ਗਵਾਹ ਨਿਰਪ੍ਰੀਤ ਕੌਰ ਨੇ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜ਼ਨੀ ਪਲੱਸ ਹੌਟਸਟਾਰ ਦੇ ਮੁਖੀ ਅਤੇ ਚੇਅਰਮੈਨ ਸੁਨੀਲ ਰਿਆਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵੀ ਇਸ ਨੋਟਿਸ ਦਾ ਸਮਰਥਨ ਕਰਦੀ ਹੈ।

ਇਹ ਵੀ ਪੜ੍ਹੋ : ਐਂਟੀ ਵਾਇਰਸ ਬਣਾਉਣ ਵਾਲੇ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ ?

ਉਨ੍ਹਾਂ ਅੱਗੇ ਕਿਹਾ ਕਿ ਇਸ ਵੈੱਬ ਸੀਰੀਜ਼ ਦੇ ਜ਼ਰੀਏ ਸਿੱਖਾਂ ਦੇ ਜ਼ਖਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਜਿਹੀਆਂ ਫਿਲਮਾਂ ਸਮਾਜ ਵਿੱਚ ਫਿਰਕੂ ਸਦਭਾਵਨਾ ਨੂੰ ਵੀ ਠੇਸ ਪਹੁੰਚਾਉਂਦੀਆਂ ਹਨ। ਇਸ ਲਈ ਸਰਕਾਰ ਨੂੰ ਅਜਿਹੀਆਂ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਪ੍ਰੋਗਰਾਮਾਂ ਨੂੰ ਰੋਕਣ ਲਈ ਸਖਤ ਸੂਚਨਾ ਤਕਨਾਲੋਜੀ (IT) ਨਿਯਮ ਬਣਾਉਣੇ ਚਾਹੀਦੇ ਹਨ।
ਦੱਸ ਦਈਏ ਕਿ ‘ਗ੍ਰਹਿਣ’ ਦੇ ਟ੍ਰੇਲਰ ਵਿਚ ਦਿਖਾਇਆ ਗਿਆ ਹੈ ਕਿ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਦੰਗੇ ਹੋਏ ਸਨ। ਇਨ੍ਹਾਂ ਦੰਗਿਆਂ ਦੀ ਜਾਂਚ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਨਤੀਜਾ ਨਿਕਲਿਆ ਨਹੀਂ ਹੈ। ਸਾਲ 2016 ਵਿੱਚ ਰਾਂਚੀ ਦੇ ਪੁਲਿਸ ਕਮਿਸ਼ਨਰ ਨੇ ਅਭਿਨੇਤਰੀ ਜ਼ੋਇਆ ਹੁਸੈਨ, ਜੋ ਆਈਪੀਐਸ (IPS) ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਹੈ, ਨੂੰ ਇਸਦੀ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ : ਵਾਦੀ ਵਿੱਚ ਹਾਈ ਅਲਰਟ ਦੌਰਾਨ ਮਿਲਿਆ ਸ਼ੱਕੀ ਬੈਗ


ਇਸ ਲੜੀ ਬਾਰੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਦਕਿ ਉਪਭੋਗਤਾ ਸੈਂਸਰ ਬੋਰਡ ਤੋਂ ਇਸ ਦੀ ਮਨਜ਼ੂਰੀ 'ਤੇ ਸਵਾਲ ਉਠਾ ਰਹੇ ਹਨ। ਇਹ ਸੀਰੀਜ਼ ਸਤਿਆ ਵਿਆਸ ਦੇ ਨਾਵਲ 'ਚੌਰਾਸੀ' 'ਤੇ ਅਧਾਰਤ ਹੈ।

 

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦੀਓ 

 

Have something to say? Post your comment

Subscribe