ਲੰਦਨ: ਇੰਗਲੈਂਡ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ਾਂ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਲਿਖੀ ਚਿੱਠੀ ਵਿੱਚ ਅਸਤੀਫਾ ਦੇ ਦਿੱਤਾ ਹੈ। ਬੀਤੇ ਦਿਨੀਂ ਉਨ੍ਹਾਂ ਦੀ ਇੱਕ ਦਫਤਰ ਦੇ ਸਹਿ-ਕਰਮਚਾਰੀ ਨੂੰ ਚੁੰਮਣ ਦੀ ਇੱਕ ਤਸਵੀਰ ਸਾਹਮਣੇ ਆਈ ਸੀ ਤੇ ਉਸ ਤੋਂ ਬਾਅਦ ਉਨ੍ਹਾਂ ਉੱਤੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਬਾਰੇ ਉਨ੍ਹਾਂ ਦੇ ਆਪਣੇ ਦਫ਼ਤਰ ਦੇ ਕਰਮਚਾਰੀਆਂ ਤੇ ਲੋਕਾਂ ਵਿੱਚ ਨਾਰਾਜ਼ਗੀ ਸੀ। ਹੈਨਕੌਕ ਨੇ ਨਿਯਮਾਂ ਦੀ ਉਲੰਘਣਾ ਲਈ ਮੁਆਫੀ ਵੀ ਮੰਗੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਸਾਜਿਦ ਜਾਵੇਦ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹੈਨਕੌਕ ਨੇ ਜੌਨਸਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਅਸੀਂ ਇਸ ਮਹਾਂਮਾਰੀ ਵਿੱਚ ਲੋਕਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਪ੍ਰਤੀ ਈਮਾਨਦਾਰ ਰਹਿਣਾ ਸਾਡੀ ਜ਼ਿੰਮੇਵਾਰੀ ਹੈ। ਮੈਂ ਨਿਯਮਾਂ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ। ਉੱਧਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਕਿ ਉਹ ਹੈਨਕੌਕ ਦੇ ਅਸਤੀਫ਼ੇ ਤੋਂ ਦੁਖੀ ਹਨ ਤੇ ਉਨ੍ਹਾਂ ਨੂੰ ਆਪਣੀ ਸੇਵਾ' ਤੇ "ਬਹੁਤ ਮਾਣ" ਹੋਣਾ ਚਾਹੀਦਾ ਹੈ।