ਨਵੀਂ ਦਿੱਲੀ : ਅੱਜ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਕਿਸਾਨ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਸੀ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਵਸਨੀਕ ਸੁਖਵਿੰਦਰ ਸਿੰਘ ਸੀ। ਸੁਖਵਿੰਦਰ ਸਿੰਘ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਸਨ। ਕਿਸਾਨ ਆਗੂਆਂ ਨੇ ਸੁਖਵਿੰਦਰ ਨੂੰ ਸ਼ਹੀਦ ਦਾ ਦਰਜਾ ਦੇਣ ਤੇ ਪੀੜਤ ਪਰਵਾਰ ਨੂੰ ਵਿੱਤੀ ਮੁਆਵਜ਼ੇ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹਨ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਥੇ ਦਸ ਦਈਏ ਕਿ ਕਿਸਾਨ ਸੁਖਵਿੰਦਰ ਸਿੰਘ ਦੀ ਰਾਤ ਨੂੰ ਟਿਕਰੀ ਸਰਹੱਦ ’ਤੇ ਸਿਹਤ ਅਚਾਨਕ ਵਿਗੜਨ ਕਾਰਨ ਮੌਤ ਹੋ ਗਈ। ਜਿਵੇਂ ਹੀ ਸੁਖਵਿੰਦਰ ਦੀ ਸਿਹਤ ਖ਼ਰਾਬ ਹੋਈ, ਉਨ੍ਹਾਂ ਨੂੰ ਬਹਾਦਰਗੜ੍ਹ ਦੇ ਜਨਰਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸੱਭ ਸਪੱਸ਼ਟ ਹੋ ਜਾਵੇਗਾ।