ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ ’ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।
ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।
ਉਨਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ ’ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।
ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ’ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. ’ਤੇ ਹੋਰ ਵਿੱਤੀ ਬੋਝ ਪਿਆ।