Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

July 29, 2021 08:15 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਦੁਨੀਆਂ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ।

ਇੱਥੋਂ ਜਾਰੀ ਸੁਨੇਹੇ ਵਿਚ ਉਨਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨਾਂ ਕਿਹਾ ਕਿ ਮਨੁੱਖ ਦੀਆਂ ਗਲਤੀਆਂ ਕਾਰਣ ਜਿੱਥੇ ਵਾਤਾਵਰਣ ਗੰਧਲਾ ਹੋ ਰਿਹਾ ਹੈ ਉੱਥੇ ਹੀ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਾਰਣ ਕੁਦਰਤੀ ਪਾਣੀ ਦੇ ਸੋਮੇ ਵੀ ਦੂਸ਼ਿਤ ਹੋ ਰਹੇ ਹਨ। ਬਹੁਤ ਸਾਰੇ ਜੀਵ-ਜੰਤੂ ਅਤੇ ਰੱੁਖ-ਬੂਟੇ ਇਸ ਪ੍ਰਦੂਸ਼ਿਤ ਵਾਤਾਵਰਣ ਦੀ ਭੇਂਟ ਚੜ ਰਹੇ ਹਨ।

ਉਨਾਂ ਕਿਹਾ ਕਿ ਇਨਾਂ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਭਨਾਂ ਪੇਂਡੂ ਘਰਾਂ ਤੱਕ ਸ਼ੁੱਧ ਅਤੇ ਸਾਫ ਪਾਣੀ ਪਹੁੰਚਾਇਆ ਜਾ ਸਕੇ ਅਤੇ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਉਨਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾ ਦਿੱਤੀ ਜਾਵੇਗੀ।

ਇਸੇ ਤਰਾਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਹਿਲੇ ਦੌਰ ਵਿਚ ਪੰਜਾਬ ਖੁੱਲੇ ਵਿਚ ਸ਼ੋਚ ਤੋਂ ਮੁਕਤ ਹੋ ਚੁੱਕਾ ਹੈ। ਪਿੰਡਾਂ ਵਿਚ ਤਰਲ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਬਹੁਤ ਸਾਰੇ ਪ੍ਰੋਜੈਕਟਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ 2024-25 ਤੱਕ ਸਾਰੇ ਪਿੰਡਾਂ ਵੱਲੋਂ ਟੀਚਾ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦੇ ਉਨਾਂ ਮੋਹਰੀ ਰਾਜਾਂ ਵਿਚ ਸ਼ਾਮਲ ਹੈ ਜਿੱਥੇ ਪਿੰਡਾਂ ਵਿਚ ਪਾਣੀ ਦੀ ਨਿਰੰਤਰ ਸਪਲਾਈ ਅਤੇ ਕੂੜੇ ਦਾ ਸਾਰਥਕ ਪ੍ਰਬੰਧਨ ਕੀਤਾ ਜਾ ਰਿਹਾ ਹੈ।

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨਾਂ ਕਿਹਾ ਕਿ ਸਿਹਤਮੰਦ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।

 

Have something to say? Post your comment

Subscribe