ਬੋਰਡ ਵੱਲੋਂ ਹਾਕੀ ਟੀਮ ਨੂੰ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕਰਨ ਦਾ ਐਲਾਨ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਉ ਉਲੰਪਿਕ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨਾਂ ਵੱਕਾਰੀ ਖੇਡਾਂ ਵਿੱਚ 41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਤਮਗ਼ਾ ਜਿੱਤਿਆ ਹੈ।
ਇਥੋਂ ਜਾਰੀ ਬਿਆਨ ਵਿੱਚ ਸ. ਬਿੰਦਰਾ ਨੇ ਕਿਹਾ ਕਿ ਇਹ ਉਹ ਦਿਨ ਹੈ, ਜਿਸ ਦੀ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ ਅਤੇ ਹੁਣ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਸਾਡੇ ਹੱਥ ਵਿੱਚ ਹੈ। ਉਨਾਂ ਕਿਹਾ ਕਿ ਪੰਜਾਬ ਖੇਡਾਂ ਦੇ ਖੇਤਰ ਵਿੱਚ ਆਪਣਾ ਪੁਰਾਣਾ ਵੱਕਾਰ ਹਾਸਲ ਕਰ ਰਿਹਾ ਹੈ ਅਤੇ ਇਹ ਸਭ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸੂਬੇ ਦੇ ਨੌਜਵਾਨਾਂ ਨਾਲ ਖੜੀ ਹੈ । ਸੂਬੇ ਵਿੱਚ ਅਤਿ-ਆਧੁਨਿਕ ਖੇਡ ਢਾਂਚਾ ਵਿਕਸਿਤ ਕਰਨ ਤੋਂ ਇਲਾਵਾ ਬੋਰਡ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਚਮਕਾਉਣ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ 2500 ਖੇਡ ਕਿੱਟਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।
ਚੇਅਰਮੈਨ ਬਿੰਦਰਾ ਨੇ ਇਹ ਵੀ ਐਲਾਨ ਕੀਤਾ, “ਜੇ ਕਿਸੇ ਵੀ ਖਿਡਾਰੀ ਨੂੰ ਭਵਿੱਖ ਵਿੱਚ ਖੇਡਾਂ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਸ ਦੀ ਹਰ ਤਰਾਂ ਦੀ ਮਦਦ ਕਰਨ ਲਈ ਤਿਆਰ ਰਹਿਣਗੇ। ਉਨਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵਧੀਆ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹਾਕੀ ਟੀਮ ਦੀ ਇਸ ਪ੍ਰਾਪਤੀ ’ਤੇ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਹਾਕੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।