ਅੰਮ੍ਰਿਤਸਰ: ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ’ਚ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਨੌਜਵਾਨਾਂ ਨੂੰ ਟੈਸਟ ਵਿਚ ਬੈਠਣ ਲਈ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ ਇਥੇ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਿਰੋਧ ਤੋਂ ਬਾਅਦ ਕੜੇ ਅਤੇ ਸ੍ਰੀ ਸਾਹਿਬ ਤੇ ਟੇਪਾਂ ਲਗਾ ਕੇ ਟੈਸਟ ਵਿਚ ਬੈਠਣ ਦੀ ਇਜਾਜਤ ਦਿੱਤੀ ਗਈ।
ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਉਹ ਵੀ ਇਸ ਤੇ ਸਖਤ ਕਾਰਵਾਈ ਕਰਨ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ