ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ Pradeep Chhabra ‘ਆਮ ਆਦਮੀ ਪਾਰਟੀ’ (ਆਪ) ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਛਾਬੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੀਪ ਛਾਬੜਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਹ ਪ੍ਰੋਗਰਾਮ ਦਿੱਲੀ ਵਿੱਚ ਹੀ ਰੱਖਿਆ ਗਿਆ ਸੀ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਛਾਬੜਾ ਦੇ ਵਿਵਾਦ ਕਾਰਨ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਇੱਕ ਹਫ਼ਤਾ ਪਹਿਲਾਂ ਆਪਣਾ ਅਸਤੀਫ਼ਾ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਪਿਛਲੇ ਦੋ ਮਹੀਨਿਆਂ ਤੋਂ ਉਹ ਲਗਾਤਾਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ 'ਤੇ ਦੋਸ਼ ਲਾ ਰਹੇ ਸਨ, ਉਹ ਇਨ੍ਹਾਂ ਦੋਵਾਂ ਨੇਤਾਵਾਂ ਤੋਂ ਨਾਰਾਜ਼ ਸਨ। ਪ੍ਰਦੀਪ ਛਾਬੜਾ ਨੇ ਪਿਛਲੇ ਹਫਤੇ ਸ਼ੁੱਕਰਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦਾ ਅਸਤੀਫ਼ਾ ਪਾਰਟੀ ਹਾਈਕਮਾਂਡ ਨੇ ਸਵੀਕਾਰ ਨਹੀਂ ਕੀਤਾ। ਪਾਰਟੀ ਇੰਚਾਰਜ ਹਰੀਸ਼ ਰਾਵਤ ਨੇ ਵੀ ਪ੍ਰਦੀਪ ਛਾਬੜਾ ਨਾਲ ਫ਼ੋਨ 'ਤੇ ਗੱਲ ਕੀਤੀ। ਰਾਵਤ ਨੇ ਛਾਬੜਾ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਦੀ ਕੌਮੀ ਕਾਰਜਕਾਰਨੀ ਵਿੱਚ ਜਗ੍ਹਾ ਦਿੱਤੀ ਜਾ ਸਕਦੀ ਹੈ।