Saturday, November 23, 2024
 

ਪੰਜਾਬ

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ : ਕੈਪਟਨ ਅਮਰਿੰਦਰ ਸਿੰਘ

July 15, 2019 06:26 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇਕਰ ਸਿੱਧੂ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੀ ਕਰ ਸਕਦੇ ਹਨ।'' ਉਨ੍ਹਾਂ ਸਵਾਲ ਕੀਤਾ ਕਿ ਜਰਨੈਲ ਵੱਲੋਂ ਸੌਂਪਿਆਂ ਗਿਆ ਕੰਮ ਕਰਨ ਤੋਂ ਇਕ ਸਿਪਾਹੀ ਕਿਵੇਂ ਇਨਕਾਰ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਦੀ ਕਾਰਵਾਈ ਕਾਰਗਰ ਢੰਗ ਨਾਲ ਚਲਾਉਣੀ ਹੈ ਤਾਂ ਇਸ ਵਿੱਚ ਕੁਝ ਅਨੁਸ਼ਾਸਨ ਵੀ ਹੋਣਾ ਚਾਹੀਦਾ ਹੈ।
ਇਹ ਪੁੱਛੇ ਜਾਣ 'ਤੇ ਕੀ ਸਿੱਧੂ ਨੇ ਮੁੜ ਸੁਲਾਹ ਸਫ਼ਾਈ ਦੀ ਕੋਸ਼ਿਸ਼ ਕੀਤੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਇਸ ਦੀ ਕੋਈ ਲੋੜ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ''ਮੇਰਾ ਉਸ ਨਾਲ ਕੋਈ ਰੌਲਾ ਨਹੀਂ ਹੈ। ਜੇਕਰ ਸਿੱਧੂ ਨੂੰ ਮੇਰੇ ਨਾਲ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਬਾਰੇ ਉਸ ਨੂੰ ਹੀ ਪੁੱਛੋ।''
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ ਵਿੱਚ ਉਨ੍ਹਾਂ ਨੂੰ ਕੁਝ ਗਲਤ ਨਹੀਂ ਲੱਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਫੈਸਲਾ ਕਾਂਗਰਸ ਹਾਈ ਕਮਾਂਡ ਦੀ ਸਲਾਹ ਨਾਲ ਕੀਤਾ ਜਾਂਦਾ ਹੈ ਜਿਸ ਕਰਕੇ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜਣਾ ਠੀਕ ਹੈ। ਮੁੱਖ ਮੰਤਰੀ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕਿਉਂਕਿ ਸ੍ਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਉਹ ਉਨ੍ਹਾਂ ਨੂੰ ਹੁਣ ਤੱਕ ਨਹੀਂ ਮਿਲੇ ਸਨ। ਹਾਲਾਂਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਤੇ ਵੀ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਚਾਰ-ਚਰਚਾ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਸਲਾ ਵੀ ਉੱਠਿਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀ ਭਾਂਤ ਜਾਣੂ ਹਨ।
ਸਿੱਧੂ ਦੇ ਅਸਤੀਫ਼ੇ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਅਸਤੀਫ਼ਾ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਭੇਜ ਦਿੱਤਾ ਗਿਆ ਹੈ ਪਰ ਉਨ੍ਹਾਂ ਨੇ ਅਜੇ ਇਹ ਅਸਤੀਫ਼ਾ ਦੇਖਣਾ ਹੈ। ਉਹ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾ ਅਸਤੀਫ਼ਾ ਪੜ੍ਹਣਗੇ।
ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਮੰਤਰੀ ਮੰਡਲ ਦੇ ਫੇਰਬਦਲ ਵਿੱਚ 17 'ਚੋਂ 13 ਮੰਤਰੀਆਂ ਦੇ ਮਹਿਕਮੇ ਬਦਲਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਹੀ ਵਾਹਦ ਇਕ ਅਜਿਹਾ ਮੰਤਰੀ ਹੈ ਜਿਸ ਨੂੰ ਇਸ ਤੋਂ ਸਮੱਸਿਆ ਹੋਈ ਹੈ। ਉਨ੍ਹਾਂ ਕਿਹਾ ਕਿ ਫੇਰਬਦਲ ਦਾ ਫੈਸਲਾ ਮੰਤਰੀਆਂ ਦੀ ਕਾਰਜਸ਼ੈਲੀ ਦੇ ਆਧਾਰ 'ਤੇ ਹੀ ਲਿਆ ਗਿਆ ਸੀ ਅਤੇ ਸਿੱਧੂ ਨੂੰ ਆਪਣਾ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਹੁਤ ਅਹਿਮ ਬਿਜਲੀ ਮਹਿਕਮਾ ਦਿੱਤਾ ਗਿਆ ਸੀ ਜਿਸ ਦੀ ਝੋਨੇ ਦੇ ਸੀਜ਼ਨ ਮੌਕੇ ਜੂਨ ਤੋਂ ਅਕਤੂਬਰ ਮਹੀਨੇ ਤੱਕ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਢੁਕਵਾਂ ਮੀਂਹ ਨਹੀਂ ਪਿਆ ਅਤੇ ਬਿਜਲੀ ਦੀ ਸਥਿਤੀ 'ਤੇ ਰੋਜ਼ਾਨਾ ਨਿਗਰਾਨੀ ਰੱਖਣ ਦੀ ਲੋੜ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ ਹੁਣ ਉਹ ਖੁਦ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਿੱਧੂ ਅਤੇ ਉਸ ਦੀ ਪਤਨੀ ਵੱਲੋਂ ਸੰਸਦੀ ਚੋਣਾਂ ਲਈ ਸ੍ਰੀਮਤੀ ਸਿੱਧੂ ਦੀ ਉਮੀਦਵਾਰੀ ਬਾਰੇ ਜਾਰੀ ਕੀਤੇ ਬਿਆਨ 'ਤੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਨਵਜੋਤ ਕੌਰ ਸਿੱਧੂ ਦੀ ਉਮੀਦਵਾਰੀ ਦਾ ਵਿਰੋਧ ਨਹੀਂ ਕੀਤਾ ਅਤੇ ਸੁਝਾਅ ਦਿੱਤਾ ਸੀ ਕਿ ਉਸ ਨੂੰ ਬਠਿੰਡਾ ਤੋਂ ਚੋਣ ਲੜਣੀ ਚਾਹੀਦੀ ਹੈ ਜਿਸ ਨੂੰ ਸਿੱਧੂ ਜੋੜੇ ਨੇ ਰੱਦ ਕਰ ਦਿੱਤਾ ਸੀ।
ਰਾਹੁਲ ਗਾਂਧੀ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ 'ਤੇ ਸ੍ਰੀ ਗਾਂਧੀ ਨੂੰ ਮਿਲਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਾਰਟੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਖੜੋਤ ਨਹੀਂ ਆਈ ਜਿਵੇਂ ਕਿ ਵਿਰੋਧੀ ਧਿਰਾਂ ਅਤੇ ਮੀਡੀਆ ਦੇ ਇਕ ਹਿੱਸੇ ਵੱਲੋਂ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਮੁੱਚੇ ਤੌਰ 'ਤੇ ਕੰਮ ਚੱਲ ਰਿਹਾ ਹੈ।

 

Have something to say? Post your comment

Subscribe