ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਦੁਬਾਰਾ ਸਰਗਰਮ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ। 19 ਤੋਂ 21 ਅਗਸਤ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਵੀ ਚੰਡੀਗੜ੍ਹ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਥੇ ਦਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਇਸੇ ਤਰ੍ਹਾਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ।