ਲੁਧਿਆਣਾ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਹੈਬੋਵਾਲ ਡੇਅਰੀ ਕੰਪਲੈਕਸ ਇਲਾਕੇ ਅਤੇ ਇਸ ਦੇ ਆਸ ਪਾਸ ਦੇ ਲੋਕਾਂ ਲਈ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਹ ਸਪੋਰਟਸ ਪਾਰਕ 50 ਲੱਖ ਰੁਪਏ ਦੀ ਲਾਗਤ ਨਾਲ 2 ਏਕੜ ਜ਼ਮੀਨ ‘ਤੇ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਪੋਰਟਸ ਪਾਰਕ ਦਾ ਕੰਮ ਅਗਲੇ 3 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਵਿੱਚ ਵਾੜ, ਲਾਈਟਾਂ ਅਤੇ ਬੱਚਿਆਂ ਨੂੰ ਖੇਡਣ ਲਈ ਘਾਹ ਵਾਲਾ ਮੈਦਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲਗਭਗ ਸਾਰੇ ਮੌਜੂਦਾ ਖੇਡ ਢਾਂਚਾ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਵਿੱਚ ਹੈ। ਇਸ ਵਿੱਚ ਗੁਰੂ ਨਾਨਕ ਸਟੇਡੀਅਮ ਵਿੱਚ ਇੱਕ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ ਸ਼ਾਮਲ ਹੈ, ਜਦੋਂ ਕਿ ਇਨਡੋਰ ਸਵੀਮਿੰਗ ਪੂਲ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਰੱਖ ਬਾਗ ਵਿਖੇ ਇਨਡੋਰ ਸਵੀਮਿੰਗ ਪੂਲ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਹੈ ਅਤੇ ਇਸ ‘ਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਹੋਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸ਼ਾਸਤਰੀ ਹਾਲ, ਬਾਸਕਟਬਾਲ ਸਟੇਡੀਅਮ, ਟੇਬਲ ਟੈਨਿਸ ਸਟੇਡੀਅਮ, ਪੀ.ਏ.ਯੂ. ਵਿਖੇ ਹਾਕੀ ਐਸਟ੍ਰੋਟਰਫ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਹਰਿਆਲੀ ਵਧਾਉਣ ਅਤੇ ਸਾਡੇ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਲਈ, ਇਕੱਲੇ ਲੁਧਿਆਣਾ ਸ਼ਹਿਰ ਵਿੱਚ 50 ਏਕੜ ਤੋਂ ਵੱਧ ਰਕਬੇ ਵਿੱਚ ਪਹਿਲਾਂ ਹੀ ਕਈ ਨਵੀਆਂ ਗ੍ਰੀਨ ਬੈਲਟਾਂ ਅਤੇ ਲਈਅਰ ਵੈਲੀਆਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਦੋਂ ਕਿ ਕਈ ਹੋਰ ਜਾਂ ਤਾਂ ਨਿਰਮਾਣ ਅਧੀਨ ਹਨ ਜਾਂ ਪਾਈਪਲਾਈਨ ਵਿੱਚ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਗ੍ਰੀਨ ਕਵਰ ਵਧਾਉਣ ਲਈ ਸਮਰਪਿਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲੁਧਿਆਣਾ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹਿਰ ਵਿੱਚ ਖਾਲੀ ਪਈਆਂ ਜ਼ਮੀਨਾਂ ‘ਤੇ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਵੇ।
ਉਨ੍ਹਾਂ ਕਿਹਾ ਕਿ ਸਿੱਧਵਾਂ ਕਨਾਲ ਵਾਟਰਫਰੰਟ ਪ੍ਰੋਜੈਕਟ ਵਿੱਚ ਇੱਕ ਗ੍ਰੀਨ ਬੈਲਟ ਵਿਕਸਤ ਕੀਤੀ ਗਈ ਹੈ, ਭਾਈ ਰਣਧੀਰ ਸਿੰਘ ਨਗਰ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੇ ਸਾਹਮਣੇ ਇੱਕ ਲਈਅਰ ਵੈਲੀ ਵਿਕਸਤ ਕੀਤੀ ਗਈ ਹੈ ਅਤੇ ਇਸ ਖੇਤਰ ਵਿੱਚ ਕਈ ਹੋਰ ਗ੍ਰੀਨ ਬੈਲਟਾਂ ਅਤੇ ਪਾਰਕ ਵੀ ਵਿਕਸਤ ਕੀਤੇ ਹਨ, ਹੈਬੋਵਾਲ, ਲੁਧਿਆਣਾ (ਪੂਰਬੀ) ਵਿੱਚ 6 ਏਕੜ ਜ਼ਮੀਨ ‘ਤੇ ਇੱਕ ਹੋਰ ਲਈਅਰ ਵੈਲੀ ਨਿਰਮਾਣ ਅਧੀਨ ਹੈ, ਪੁਰਾਣੇ ਜੀ.ਟੀ ਰੋਡ ਦੇ ਦੋਵੇਂ ਪਾਸੇ ਗ੍ਰੀਨ ਬੈਲਟ ਵਿਕਸਤ ਕੀਤੀਆਂ ਜਾ ਰਹੀਆਂ ਹਨ ਜੋ ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਚੌਕ ਤੱਕ ਹੈ।