ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਬਾਅਦ ਗੰਨੇ ਦੇ ਭਾਅ ਵਿੱਚ 15 ਰੁਪਏ ਦੇ ਕੀਤੇ ਗਏ ਮਾਮੂਲੀ ਵਾਧੇ ਨੂੰ ਨਿਰਾ ਮਜ਼ਾਕ ਅਤੇ ਕਿਸਾਨ ਮਾਰੂ ਕਦਮ ਕਰਾਰ ਦਿੰਦਿਆਂ ਗੰਨੇ ਦੀ ਬਕਾਇਆ ਰਾਸ਼ੀ ਦੇ ਭੁਗਤਾਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਖਿ਼ਲਾਫ਼ ਖੋਲ੍ਹੇ ਮੋਰਚੇ ਦਾ ਸਮਰਥਨ ਕੀਤਾ ਹੈ।
ਸ: ਢੀਂਡਸਾ ਨੇ ਆਪਣੀ ਪਾਰਟੀ ਦੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਇਸ ਅੰਦੋਲਨ ਵਿੱਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ ਹੈ।
ਸ: ਢੀਂਡਸਾ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ 2017 ਤੋਂ ਹੁਣ ਤੱਕ ਸਰਕਾਰ ਨੇ ਗੰਨੇ ਦਾ ਇੱਕ ਵੀ ਰੁਪਿਆ ਭਾਅ ਨਹੀ ਵਧਾਇਆ ਸੀ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਮਾਤਰ 15 ਰੁਪਏ ਵਧਾ ਕੇ ਪੱਲਾ ਝਾੜ ਲਿਆ ਗਿਆ ਹੈ। ਜਦਕਿ ਵਰਤਮਾਨ ਵਿੱਚ ਕਿਸਾਨ ਦੀ ਗੰਨੇ `ਤੇ ਲਾਗਤ ਕਈਂ ਗੁਣਾ ਵੱਧ ਗਈ ਹੈ।
ਇਸਤੋਂ ਇਲਾਵਾ ਕੈਪਟਨ ਸਰਕਾਰ ਗੰਨੇ ਦੀ ਫਸਲ ਦਾ ਕਰੋੜਾਂ ਰੁਪਏ ਨੱਪੀ ਬੈਠੀ ਹੈ। ਸ: ਢੀਂਡਸਾ ਨੇ ਸਰਕਾਰ ਨੂੰ ਗੰਨੇ ਦਾ ਭਾਅ ਕਿਸਾਨਾਂ ਦੀ ਮੰਗ ਮੁਤਾਬਕ ਵਧਾਉਣ ਅਤੇ ਉਨ੍ਹਾਂ ਦਾ ਪਿਛਲਾ ਸਾਰਾ ਬਕਾਇਆ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਜਲੰਧਰ ਤੋਂ ਸ਼ੁਰੂ ਹੋਏ ਅੰਦੋਲਨ ਦੀ ਹਮਾਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਣਦੀ ਅਦਾਇਗੀ ਮੁਤਾਬਕ ਭੁਗਤਾਨ ਨਹੀ ਕੀਤਾ ਜਾਂਦਾ ਤਾਂ ਪਾਰਟੀ ਇਸਦੇ ਵਿਰੁੱਧ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।
ਸ: ਢੀਂਡਸਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਹੱਦਾਂ `ਤੇ ਕੇਂਦਰ ਵੱਲੋਂ ਲਾਗੂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਸੰਘਰਸ਼ ਕਰ ਰਿਹਾ ਹੈ ਦੂਜੇ ਪਾਸੇ ਸੂਬੇ ਦੀ ਕੈਪਟਨ ਸਰਕਾਰ ਵੀ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਾ ਕਰਕੇ ਉਨ੍ਹਾਂ ਨੂੰ ਤੰਗ ਅਤੇ ਪਰੇਸ਼ਾਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਸ਼ਤਕਾਰਾਂ ਦੀ ਬਕਾਇਆ ਰਕਮ 200 ਕਰੋੜ ਰੁਪਏ ਦੇ ਕਰੀਬ ਹੈ। ਜਿਸਦਾ ਭੁਗਤਾਨ ਹਾਲੇ ਤੱਕ ਨਹੀ ਹੋਇਆ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਸੂਬਾ ਸਰਕਾਰ ਨੂੰ ਇਹ ਰਾਸ਼ੀ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।