ਜਲੰਧਰ : ਸਥਾਨਕ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਇਲੈਕਟ੍ਰੀਸ਼ੀਅਨ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ CIA ਸਟਾਫ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਦੀ ਅਗਵਾਈ ਹੇਠ ਜਲੰਧਰ ਕੈਂਟ ਰੇਲਵੇ ਸਟੇਸ਼ਨ ਨਜ਼ਦੀਕ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਕਿ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਵੱਲੋਂ ਇਕ ਨੌਜਵਾਨ ਮੋਟਰਸਾਈਕਲ ਨੰ. ਪੀਬੀ 08 ਈਪੀ 3738 'ਤੇ ਆਉਂਦਾ ਹੋਇਆ ਦਿਖਾਈ ਦਿੱਤਾ। ਜਦ ਉਸ ਨੌਜਵਾਨ ਨੇ ਪੁਲਿਸ ਦਾ ਨਾਕਾ ਲੱਗਾ ਦੇਖਿਆ ਤਾਂ ਉਹ ਘਬਰਾ ਗਿਆ ਅਤੇ ਉਸ ਨੇ ਆਪਣਾ ਮੋਟਰਸਾਈਕਲ ਰੋਕ ਲਿਆ ਤੇ ਜਦ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਉਸ ਕੋਲੋਂ 440 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਵਿਚ ਮੁਲਜ਼ਮ ਨੇ ਦੱਸਿਆ ਕਿ ਉਹ ਇਕ ਕੰਪਨੀ ਦੇ ਮੋਬਾਈਲ ਟਾਵਰਾਂ ਦਾ ਇਲੈਕਟ੍ਰੀਸ਼ੀਅਨ ਹੈ ਅਤੇ ਨਵਾਂ ਸ਼ਹਿਰ ਦੇ ਇਕ ਨੌਜਵਾਨ ਕੋਲੋਂ ਸਸਤੇ ਭਾਅ 'ਤੇ ਹੈਰੋਇਨ ਲਿਆ ਕੇ ਅੱਗੇ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਹੈ। ਮੁਲਜ਼ਮ ਦੀ ਪਛਾਣ ਨਰੇਸ਼ ਕੁਮਾਰ ਵਾਸੀ ਬਾਬਾ ਬੁੱਢਾ ਜੀ ਨਗਰ ਥਾਣਾ ਰਾਮਾ ਮੰਡੀ ਦੇ ਰੂਪ ਵਿਚ ਹੋਈ ਹੈ। ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ (NDPS Act) ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਉਸ ਦੇ ਨੈੱਟਵਰਕ ਨੂੰ ਤੋੜਨ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।