ਸੇਵਾ ਮੁਕਤ ਨੂੰ ਨਹੀਂ ਸਗੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣ ਮੌਕੇ
ਮੋਹਾਲੀ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਮੁਹਾਲੀ ਦੀ ਇਕਾਈ ਨੇ ਡੀ. ਸੀ. (DC) ਨੂੰ ਪਟਵਾਰੀਆਂ ਦੀਆਂ ਰੈਗੂਲਰ ਖਾਲੀ ਅਸਾਮੀਆਂ (Regular Posts) ਵਿੱਚ ਵਾਧਾ ਕਰਨ ਅਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ।
ਮੰਗ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ ਧਰਨੇ ਪ੍ਰਦਰਸ਼ਨ ਕਰ ਰਹੇ ਹਨ। "ਸੂਬੇ ਦੇ ਹਰ ਕੋਨੇ ਵਿਚ ਹਰ ਕਿੱਤੇ ਨਾਲ ਸਬੰਧਤ ਬੇਰੁਜ਼ਗਾਰ ਸੜਕਾਂ ਉਤੇ ਉਤਰੇ ਹੋਏ ਹਨ। ਲੰਬੇ ਸਮੇਂ ਤੋਂ ਸਰਕਾਰ ਦੇ ਵਿਭਾਗਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਨੌਜਵਾਨ ਅਨੇਕਾਂ ਵਾਰ ਮੰਤਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਇਸ ਸਬੰਧੀ ਹੁਣ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਹੈ।
ਜ਼ਿਲ੍ਹਾ ਸਕੱਤਰ ਪ੍ਰਭਜੌਤ ਕੌਰ ਨੇ ਕਿਹਾ ਕਿ ਸਰਕਾਰ ਦੁਆਰਾ ਪਟਵਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੇ ਮਾਮਲੇ ਵਿੱਚ ਵੀ ਇੱਕ ਵਾਰ ਫੇਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਰੀਬ 8000 ਪਿੰਡਾਂ ਵਿੱਚ ਪਟਵਾਰੀ ਦੀਆਂ ਪੋਸਟਾਂ ਖਾਲੀ ਪਈਆਂ ਹਨ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ ਸਰਕਾਰ ਵੱਲੋਂ ਇਸ ਬਾਬਤ ਸਿਰਫ਼ 1090 ਪੋਸਟਾਂ ਭਰਨ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਸੀ ਜਿਸ ਲਈ ਸਮੁੱਚੇ ਪੰਜਾਬ ਵਿੱਚੋਂ ਕਰੀਬ 2 ਲੱਖ 33 ਹਜ਼ਾਰ ਲੋਕਾਂ ਨੇ ਅਪਲਾਈ ਕੀਤਾ ਸੀ। ਸਰਕਾਰ ਵਲੋਂ ਬੇਰੁਜ਼ਗਾਰਾਂ ਦੇ ਹੱਕਾਂ 'ਤੇ ਡਾਕਾ ਮਾਰਦਿਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਮੁੱਕਰਦਿਆਂ 1766 ਰਿਟਾਇਰਡ ਪਟਵਾਰੀਆਂ ਨੂੰ ਦੁਬਾਰਾ ਨੌਕਰੀ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਸੰਯੁਕਤ ਸਕੱਤਰ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਸੀ ਕਿ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਵੱਡਾ ਧੱਕਾ ਹੈ। ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਪੂਰੇ ਪੰਜਾਬ ਦੇ ਨੌਜਵਾਨ ਧਰਨਿਆ ਉਪਰ ਬਿਠਾ ਦਿੱਤੇ ਨੇ ਜਿਸ ਦਾ ਨਤੀਜਾ ਭੁਗਤਣ ਲਈ ਕਾਂਗਰਸ ਸਰਕਾਰ ਤਿਆਰ ਰਹੇ ।
ਆਪ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ (Regular Posts) ਵਿੱਚ ਵਾਧਾ ਕੀਤਾ ਜਾਵੇ ਅਤੇ ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ ਉੱਤੇ ਰੋਕ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਅਮਰਿੰਦਰ ਸਿੰਘ ਦੇ ਚੋਣਾਂ ਸਮੇ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਯਾਦ ਦਵਾਉਂਦੇ ਹੋਏ ਕਿਹਾ ਕਿ ਇਹ ਉਸ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਛੋਟਾ ਜਿਹਾ ਕਦਮ ਹੋਵੇਗਾ।
ਇਸ ਮੌਕੇ ਜਸਵੀਰ ਸਿੰਘ ਸਰਾਏ, ਕੁਲਜੀਤ ਸਿੰਘ ਰੰਧਾਵਾ, ਗੁਰਮੇਜ ਸਿੰਘ ਕਾਹਲੋ, ਬਹਾਦਰ ਸਿੰਘ ਚਹਿਲ, ਸਵਰਨਜੀਤ ਕੌਰ ਬਲਟਾਣਾ, ਜਸਪਾਲ ਕਾਉਣੀ, ਰਮੇਸ਼ ਸ਼ਰਮਾ, ਕਮਲਜੀਤ ਸੈਣੀ, ਚੰਦ ਸ਼ਰਮਾ, ਬੱਬਲ ਪ੍ਰੀਤ, ਕਰਮਜੀਤ ਚੌਹਾਨ ਆਦਿ ਆਹੁਦੇਦਾਰ ਸ਼ਾਮਿਲ ਰਹੇ।