ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਸ ਸਬੰਧੀ ਕੀਤੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ ਵਿਚਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਕੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਆਪਣੇ ਖੇਤਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ (CM Captain Amarinder Singh) ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਨਾ ਤਾਂ ਤ੍ਰਿਪਤ ਬਾਜਵਾ ਤੇ ਨਾ ਹੀ ਸੁਖਜਿੰਦਰ ਰੰਧਾਵਾ ਨੇ ਜਨਤਕ ਤੌਰ ਉਤੇ ਉਠੀ ਇਸ ਮੰਗ ਬਾਰੇ ਰਿਪੋਰਟਾਂ ਨੂੰ ਦੇਖਿਆ ਅਤੇ ਅਜਿਹੇ ਢੰਗ ਨਾਲ ਸਾਂਝਾ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨਾਲ ਇਸ ਮੁੱਦੇ ਨੂੰ ਵਿਚਾਰਨਾ ਮੁਨਾਸਬ ਸਮਝਿਆ।
ਦੋਵਾਂ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਕਿਹਾ, “ਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ 11 ਅਗਸਤ, 2021 ਦੇ ਆਪਣੇ ਪੱਤਰ ਵਿੱਚ ਬਟਾਲਾ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਅਤੇ ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਮਾਤਾ ਸੁਲੱਖਣੀ ਜੀ ਨਾਲ ਹੋਏ ਵਿਆਹ ਦਾ ਹਵਾਲਾ ਦਿੰਦਿਆਂ ਪਹਿਲਾਂ ਹੀ ਬਟਾਲੇ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਬਟਾਲਾ ਦੀ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਵਿਚ ਮਹੱਤਤਾ ਦੇ ਨਾਲ-ਨਾਲ ਲੋਕਾਂ ਦੀਆਂ ਭਾਵਨਾਵਾਂ ਬਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਸਲਾ ਲੈਣ ਤੋਂ ਪਹਿਲਾਂ ਵੱਖ-ਵੱਖ ਭਾਈਵਾਲਾਂ ਨਾਲ ਇਸ ਮੁੱਦੇ `ਤੇ ਚਰਚਾ ਕਰਨਗੇ।
ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ 79 ਪਿੰਡਾਂ ਅਤੇ 24 ਕਸਬਿਆਂ ਵਿੱਚ 103 ਥਾਵਾਂ ਦੀ ਸ਼ਨਾਖ਼ਤ ਕੀਤੀ ਸੀ, ਜਿਨ੍ਹਾਂ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ। ਇਨ੍ਹਾਂ ਲਈ ਫ਼ੰਡ ਅਲਾਟ ਕੀਤੇ ਗਏ ਸਨ ਅਤੇ ਇਨ੍ਹਾਂ ਸਭਨਾਂ ਥਾਵਾਂ ਨੂੰ ਨਿਵੇਕਲੇ ਢੰਗ ਨਾਲ ਵਿਕਸਤ ਕਰਨ ਨੂੰ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਲਈ ਬਹੁਤ ਸੋਚ-ਵਿਚਾਰ ਅਤੇ ਸਲਾਹ-ਮਸ਼ਵਰੇ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਸਾਰੇ ਇਤਿਹਾਸਕ ਸ਼ਹਿਰਾਂ ਅਤੇ ਥਾਵਾਂ ਖਾਸ ਕਰਕੇ ਜਿਹੜੀਆਂ ਕਿਸੇ ਵੀ ਤਰ੍ਹਾਂ ਗੁਰੂ ਸਾਹਿਬਾਨ ਨਾਲ ਸਬੰਧਤ ਹੋਣ, ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਇਹ ਯਕੀਨੀ ਬਣਾਉਣ ਲਈ ਸਭ ਕੁਝ ਕਰਨਗੇ ਜਿਸ ਨਾਲ ਬਟਾਲੇ ਨੂੰ ਉਸ ਦਾ ਬਣਦਾ ਹੱਕ ਮਿਲ ਸਕੇ।