ਨਵੀਂ ਦਿੱਲੀ: ਮੌਸਮ ਵਿਭਾਗ ਦੇ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਵੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੰਦਾਜ਼ਾ ਲਾਇਆ ਹੈ ਕਿ ਮਹਾਰਾਸ਼ਟਰ ਦੇ ਕਈ ਹਿੱਸਿਆਂ 'ਚ ਜ਼ੋਰਦਾਰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਕੋਂਕਣ ਖੇਤਰ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਐਨਸੀਆਰ 'ਚ ਇਕ ਵਾਰ ਫਿਰ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਦਿੱਲੀ ਦੇ ਕਈ ਇਲਾਕਿਆਂ 'ਚ ਬਾਰਸ਼ ਹੋ ਸਕਦੀ ਹੈ। ਜਦਕਿ ਅਗਲੇ ਪੰਜ ਤੋਂ ਛੇ ਦਿਨਾਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਹੁੰਮਸ ਤੇ ਵਧਦੇ ਤਾਪਮਾਨ ਤੋਂ ਰਾਹਤ ਮਿਲੇਗੀ, ਉੱਥੇ ਹੀ ਪਾਣੀ ਭਰਨ ਨਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਇਲਾਵਾ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਜ਼ੋਰਦਾਰ ਬਾਰਸ਼ ਹੋ ਰਹੀ ਹੈ। ਭਾਰੀ ਬਾਰਸ਼ ਕਾਰਨ ਜ਼ਿਆਦਾਤਰ ਤਾਪਮਾਨ 'ਚ ਵੀ ਹੋਰ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਛੱਤੀਸਗੜ੍ਹ 'ਚ ਅਗਲੇ ਤਿੰਨ ਦਿਨਾਂ ਤਕ ਹਲਕੀ ਬਾਰਸ਼ ਹੋ ਸਕਦੀ ਹੈ। ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਪਾਣੀ ਭਰਨ ਕਾਰਨ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।