ਐਸ.ਏ.ਐਸ. ਨਗਰ (ਸੱਚੀ ਕਲਮ ਬਿਊਰੋ) : ਹਰੇਕ ਵਿਅਕਤੀ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਮੰਤਵ ਨਾਲ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਆਪਣੇ ਦਫਤਰ ਦਾ ਕਾਰਜਭਾਰ ਸੰਭਾਲ ਲਿਆ ਹੈ।
ਸ਼ਿਕਾਇਤ ਨਿਵਾਰਨ ‘ਤੇ ਵਿਸ਼ੇਸ਼ ਤੌਰ’ ਤੇ ਜ਼ੋਰ ਦਿੰਦਿਆਂ ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਵੱਖਰੀ ਕਿਸਮ ਦੀ ਪਹੁੰਚ ਦੀ ਲੋੜ ਹੁੰਦੀ ਹੈ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਬੇੜੇ ਲਈ ਚੀਜ਼ਾਂ ਨੂੰ ਤਰਜੀਹ ਦੇ ਆਧਾਰ ਉਤੇ ਵੰਡਣਗੇ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਉਨ੍ਹਾਂ ਦੇ ਕੰਮ ਦੇ ਸਬੰਧ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨੂੰ ਰੋਕਣ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਕਾਰਜ ਯੋਜਨਾ ਦੀ ਚੰਗੀ ਤਰ੍ਹਾਂ ਸਮੀਖਿਆ ਕਰਨਗੇ ਅਤੇ ਇਸ ਬਹੁਤ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਰੋਕਣ ਲਈ ਕਦਮ ਚੁੱਕਣਗੇ।
ਉਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ‘ਤੇ ਜ਼ੋਰ ਦਿੱਤਾ ਅਤੇ ਨਿਰਦੇਸ਼ ਦਿੱਤੇ ਕਿ ਇਸ ਸਬੰਧ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਅਤੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸ੍ਰੀਮਤੀ ਕਾਲੀਆ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀ.ਜੀ.ਐਸ.ਈ.) ਵਜੋਂ ਤਾਇਨਾਤ ਸਨ।
2009 ਬੈਚ ਦੇ IAS ਅਧਿਕਾਰੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸਕੱਤਰ ਵਜੋਂ ਵਾਧੂ ਚਾਰਜ ਵੀ ਦਿੱਤਾ ਗਿਆ ਸੀ। ਉਹ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਹੁਸ਼ਿਆਰਪੁਰ, ਫਾਜ਼ਿਲਕਾ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਵਿਸ਼ੇਸ਼ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ, ਪੰਜਾਬ ਬਿਉਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਮਹਿਲਾ ਕਮਿਸ਼ਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।