ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਵਿਚ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਹਾਈਕਮਾਂਡ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਜਾਖੜ ਨਾਲ ਜੋ ਵੀ ਵਾਪਰਿਆ ਉਸ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਦਰਅਸਲ ਪੰਜਾਬ ਕਾਂਗਰਸ ਵਿਚ ਹੋਏ ਵੱਡੇ ਬਦਲਾਅ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਦੇਰ ਰਾਤ ਦਿੱਲੀ ਲਈ ਰਵਾਨਾ ਹੋਏ। ਸੁਨੀਲ ਜਾਖੜ ਬੁੱਧਵਾਰ ਸ਼ਾਮ ਨੂੰ ਦਿੱਲੀ ਰਵਾਨਾ ਹੋਣ ਲਈ ਚੰਡੀਗੜ੍ਹ ਏਅਰਪੋਰਟ ਪਹੁੰਚੇ ਸਨ। ਇਸ ਦੌਰਾਨ ਉਹਨਾਂ ਦੀ ਮੁਲਾਕਾਤ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨਾਲ ਹੋਈ। ਇਸ ਖ਼ਬਰ ਤੋਂ ਬਾਅਦ ਇਕ ਵਾਰ ਫਿਰ ਹਲਚਲ ਪੈਦਾ ਹੋ ਗਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ ਪਰ ਅੰਬਿਕਾ ਸੋਨੀ ਸਮੇਤ ਕੁਝ ਨੇਤਾਵਾਂ ਦੇ ਵਿਰੋਧ ਕਾਰਨ ਹਾਈਕਮਾਨ ਨੇ ਆਪਣਾ ਫੈਸਲਾ ਬਦਲ ਲਿਆ ਜਦਕਿ ਜਾਖੜ ਨੂੰ 40 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਸੀ। ਪੰਜਾਬ ਕਾਂਗਰਸ ਵਿਚ ਇਸ ਗੱਲ ਨੂੰ ਲੈ ਕੇ ਹਲਚਲ ਹੈ ਕਿ ਪਾਰਟੀ ਹਾਈਕਮਾਨ ਦੇ ਦੋ ਵੱਡੇ ਨੇਤਾ ਜਾਖੜ ਨੂੰ ਆਪਣੇ ਨਾਲ ਦਿੱਲੀ ਕਿਉਂ ਲੈ ਗਏ ਹਨ।