ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (vijay Inder Singla) ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜ਼ਿਲ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।
ਸਿੰਗਲਾ (vijay Inder Singla) ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਆਪਣੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਰੱਖਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਦੀ ਦੂਰਅੰਦੇਸ਼ ਅਗਵਾਈ ਹੇਠ ਉਹ ਖ਼ੁਦ ਅਤੇ ਉਨ੍ਹਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ਼ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਏਗਾ।
ਸਿੰਗਲਾ (vijay Inder Singla) ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਅਗਲੇ 100 ਦਿਨਾਂ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਲਈ ਵਿੱਢੀ ਜਾਣ ਵਾਲੀ ਮੁਹਿੰਮ ਲਈ ਤੁਰੰਤ ਏਜੰਡਾ ਤਿਆਰ ਕਰਨ।