ਚੰਡੀਗੜ੍ਹ : ਨਵਜੋਤ ਸਿੱਧੂ (Navjot Singh Sidhu) ਅਤੇ ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Singh Channi) ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ ਅਤੇ ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਭਵਨ ਤੋਂ ਰਵਾਨਾ ਹੋ ਚੁੱਕੇ ਹਨ।
ਬੁਲਾਰੀਆ, ਕੁਲਜੀਤ ਨਾਗਰਾ, ਪਰਗਟ ਸਿੰਘ ਅਤੇ ਕਈ ਹੋਰ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਅੰਦਰ ਗਏ ਸਨ, ਜਿਸ ਤੋਂ ਬਾਅਦ ਹੁਣ ਨਵਜੋਤ ਸਿੱਧੂ ਸਣੇ ਬਾਕੀ ਲੀਡਰ ਵੀ ਬਿਨਾਂ ਕੁੱਝ ਕਹੇ ਪੰਜਾਬ ਭਵਨ ਤੋਂ ਚਲੇ ਗਏ ਹਨ। ਦੱਸ ਦਈਏ ਕਿ ਢਾਈ ਘੰਟੇ ਚੱਲੀ ਇਸ ਮੀਟਿੰਗ ਦਾ ਕੀ ਸਿੱਟਾ ਨਿਕਲਿਆ ਹੈ ਇਸ ਬਾਰੇ ਸਪੱਸ਼ਟ ਨਹੀਂ ਹੋ ਸਕਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਹਾਂ ਦਰਮਿਆਨ ਗਿਲੇ ਸ਼ਿਕਵੇ ਦੂਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਕਈ ਗੱਲਾਂ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪ੍ਰੈਸ ਮਿਲਣੀ ਕੈਂਸਲ ਕਰ ਦਿੱਤੀ ਗਈ ਸੀ ਅਤੇ ਮੀਟਿੰਗ ਵਿਚ ਸ਼ਾਮਲ ਸਾਰੇ ਨੁਮਾਇੰਦਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ।