ਨਵੀਂ ਦਿੱਲੀ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਹੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੌਰਾਨ ਇਹ ਮੁਲਾਕਾਤ ਇੱਕ ਘੰਟੇ ਤੱਕ ਚੱਲੀ। ਇਥੇ ਇਹ ਵੀ ਦਸ ਦਈਏ ਕਿ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ।
ਇਸ ਮੁਲਾਕਾਤ ਮਗਰੋਂ ਮੁੱਖ ਮੰਤਰੀ ਚੰਨੀ ਨੇ ਮੀਡੀਆ ਨੂੰ ਦਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ। ਚੰਨੀ ਨੇ ਅੱਗੇ ਕਿਹਾ ਕਿ ਮੈਂ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਅੱਗੇ ਤਿੰਨ ਮੰਗਾਂ ਰੱਖੀਆਂ, ਪਹਿਲੀ ਮੰਗ ਸੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਅੱਗੇ ਦੂਜੀ ਮੰਗ ਰੱਖੀ ਕਿ ਖੇਤੀ ਕਾਨੂੰਨਾਂ ਦਾ ਰੱਫ਼ੜ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ, ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕੀਤੀ ਜਾਵੇ। ਗੱਲਬਾਤ ਨਾਲ ਹੀ ਇਹ ਮਸਲੇ ਦਾ ਹੱਲ ਹੋਏਗਾ। ਇਸ ਤੋਂ ਇਲਾਵਾ ਤੀਜੀ ਮੰਗ ਕੀਤੀ ਗਈ ਕਿ ਕਰਤਾਰਪੁਰ ਲਾਂਘੇ ਨੂੰ ਛੇਤੀ ਖੋਲਿਆ ਜਾਵੇ।