ਲਖਨਊ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਲਖੀਮਪੁਰ ਖੇੜੀ ਪਹੁੰਚੇ। ਲਖੀਮਪੁਰ ਖੇੜੀ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਆਪਣਾ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ। ਇਸ ਵਿੱਚ ਮੁੱਖ ਮੰਗ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਗ੍ਰਿਫਤਾਰੀ ਦੀ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੀ ਮੰਗ ਕੀਤੀ ਗਈ ਹੈ। ਉਧਰ ਇਸ ਮਾਮਲੇ 'ਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ। ਹੁਣ ਕਾਤਲਾਂ ਨੂੰ ਸਜ਼ਾ ਮਿਲਣ 'ਤੇ ਹੀ ਸਾਹ ਲਿਆਂਗੇ। ਚਾਹੇ ਉਹ ਮੰਤਰੀ ਦਾ ਪੁੱਤਰ ਹੋਵੇ ਜਾਂ ਕੋਈ ਹੋਰ ਗੁੰਡੇ। ਸਾਰਿਆਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਤੱਕ ਉਥੇ ਹੀ ਰਹਿਣਗੇ। ਸਰਕਾਰ ਨੇ ਲਖਨਊ ਤੋਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮੌਕੇ 'ਤੇ ਭੇਜਿਆ। ਦੇਰ ਸ਼ਾਮ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਡਰਾਈਵਰ ਨੂੰ ਪੱਥਰ ਲੱਗਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਕਿਸਾਨਾਂ 'ਤੇ ਚੜ੍ਹਨ ਵਾਲਾ ਹਾਦਸਾ ਵਾਪਰਿਆ। ਉਸ ਤੋਂ ਬਾਅਦ ਹੋਈ ਹਿੰਸਕ ਝੜਪ ਵਿੱਚ ਸਾਡੇ ਡਰਾਈਵਰ ਸਮੇਤ ਤਿੰਨ ਭਾਜਪਾ ਵਰਕਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬੇਟੇ ਆਸ਼ੀਸ਼ ਮਿਸ਼ਰਾ ਦਾ ਕਹਿਣਾ ਹੈ ਕਿ ਉਹ ਖੁਦ ਕਾਰ ਵਿੱਚ ਨਹੀਂ ਸੀ। ਉਨ੍ਹਾਂ ਦੇ ਵਰਕਰ ਉਪ ਮੁੱਖ ਮੰਤਰੀ ਦੇ ਸਵਾਗਤ ਲਈ ਤਿੰਨ ਗੱਡੀਆਂ ਵਿੱਚ ਜਾ ਰਹੇ ਸੀ।
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਧਰਮਿੰਦਰ ਮਲਿਕ ਨੇ ਦੋਸ਼ ਲਾਇਆ ਕਿ ਸਰਕਾਰ ਹੁਣ ਕਿਸਾਨਾਂ ਨੂੰ ਦਬਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਪਰ ਸਰਕਾਰ ਹੁਣ ਉਨ੍ਹਾਂ ਨੂੰ ਡਰਾਉਣ ਦਾ ਕੰਮ ਕਰ ਰਹੀ ਹੈ। ਲਖੀਮਪੁਰ ਦੀ ਘਟਨਾ ਸਾਬਤ ਕਰਦੀ ਹੈ ਕਿ ਸਰਕਾਰ ਹੁਣ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਡਰਾਉਣ ਦਾ ਕੰਮ ਕਰੇਗੀ।