ਉੱਤਰ ਪ੍ਰਦੇਸ਼ : ਯੂਪੀ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਮਾਮਲੇ ਵਿੱਚ ਸੋਮਵਾਰ ਸਵੇਰੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਕਿਸਾਨ ਖਿਲਾਫ਼ ਹੋਈ ਹਿੰਸਾ ਲਈ ਕੇਂਦਰੀ ਰਾਜ ਮੰਤਰੀ ਅਜੇ ਕੁਮਾਰ ਟੈਨੀ ਦੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜੇ ਕੁਮਾਰ ਟੈਨੀ ਤੇ ਉਨ੍ਹਾਂ ਨੇ ਪੁੱਤਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਉਸ ਵੇਲੇ ਘਟਨਾ ਵਾਲੀ ਥਾਂ ਉੱਤੇ ਮੌਜੂਦ ਨਹੀਂ ਸਨ। ਇਸ ਕਾਨਫਰੰਸ ਵਿੱਚ ਕਿਸਾਨਾਂ ਵੱਲੋਂ ਮੁੱਖ ਤੌਰ 'ਤੇ ਤਿੰਨ ਮੰਗਾਂ ਰੱਖੀਆਂ ਗਈਆਂ। ਪਹਿਲੀ ਮੰਗ ਵਿੱਚ ਕਿਸਾਨਾਂ ਨੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਦੂਜੀ ਮੰਗ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਨੂੰ ਕਿਹਾ ਹੈ। ਤੀਜੀ ਮੰਗ ਵਿੱਚ ਮਾਰੇ ਗਏ ਲੋਕਾਂ ਨੂੰ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਕਿਹਾ ਗਿਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਇਹ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਹਨ, ਉਦੋਂ ਤੱਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲਖੀਮਪੁਰ ਖਿਰੀ ਤੋਂ ਨਹੀਂ ਚੁੱਕਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਜ਼ਿਲ੍ਹੇ ਦੀ ਤਹਿਸੀਲ ਅਤੇ ਮੁੱਖ ਦਫ਼ਤਰਾਂ ਵਿੱਚ ਕਿਸਾਨ ਪ੍ਰਦਰਸ਼ਨ ਲਈ ਤਿਆਰ ਹਨ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।