Friday, November 22, 2024
 

ਚੰਡੀਗੜ੍ਹ / ਮੋਹਾਲੀ

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ

October 11, 2021 09:01 PM
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ਼ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।
 
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸਸੀ ਸਕਾਲਰਸ਼ਿਪ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ 'ਤੇ ਉਹਨਾਂ ਦੇ ਦਫ਼ਤਰ ਭੇਜਣ ਦੇ ਆਦੇਸ਼ ਦਿੱਤੇ ਹਨ।
 
ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ 'ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ 'ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 

Have something to say? Post your comment

Subscribe