ਉਪ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy Cm Sukhjinder Singh Randhawa) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।
ਸ. ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।
ਉਪ ਮੁੱਖ ਮੰਤਰੀ (Deputy Cm Sukhjinder Singh Randhawa) ਨੇ ਸ਼ਹੀਦ ਜਵਾਨਾਂ ਦੀ ਮੌਤ `ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।
ਸ. ਰੰਧਾਵਾ (Deputy Cm Sukhjinder Singh Randhawa) ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ।
ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।
ਸ. ਰੰਧਾਵਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।”