ਹੈਦਰਾਬਾਦ : ਤੇਲੰਗਾਨਾ ਵਿੱਚ ਇੱਕ ਪ੍ਰੇਮੀ ਨੇ ਕਥਿਤ ਤੌਰ 'ਤੇ ਆਪਣੀ 20 ਸਾਲਾ ਪ੍ਰੇਮਿਕਾ, ਜਿਸਦੀ ਕਿਸੇ ਹੋਰ ਵਿਅਕਤੀ ਨਾਲ ਮੰਗਣੀ ਕੀਤੀ ਗਈ ਸੀ, ਦਾ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿਤਾ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸਿਆ ਜਾਂਦਾ ਹੈ ਕਿ ਵਿਅਕਤੀ ਇੰਨਾ ਗੁੱਸੇ 'ਚ ਸੀ ਕਿ ਉਸ ਨੇ ਆਪਣੀ ਪ੍ਰੇਮਿਕਾ 'ਤੇ ਲਗਾਤਾਰ 18 ਵਾਰ ਚਾਕੂ ਨਾਲ ਹਮਲਾ ਕੀਤਾ। ਪੁਲਿਸ ਸੂਤਰਾਂ ਮੁਤਾਬਕ ਇਕ ਨਿੱਜੀ ਕੰਪਨੀ 'ਚ ਕੰਮ ਕਰਦੇ 23 ਸਾਲਾ ਕਰਮਚਾਰੀ ਅਤੇ ਪੀੜਤਾ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਦੋਵੇਂ ਵਿਕਟਰਾਬਾਦ ਜ਼ਿਲ੍ਹੇ ਦੇ ਦੌਲਤਾਬਾਦ ਦੇ ਰਹਿਣ ਵਾਲੇ ਹਨ। ਕਰੀਬ ਤਿੰਨ ਮਹੀਨੇ ਪਹਿਲਾਂ ਲੜਕੀ ਦੀ ਕਿਸੇ ਹੋਰ ਵਿਅਕਤੀ ਨਾਲ ਮੰਗਣੀ ਹੋ ਗਈ ਸੀ ਅਤੇ ਉਸ ਨੇ ਆਪਣੇ ਪ੍ਰੇਮੀ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। ਪੁਲਿਸ ਨੇ ਦੱਸਿਆ ਕਿ ਇਸ ਤੋਂ ਗੁੱਸੇ 'ਚ ਆ ਕੇ ਲੜਕੇ ਨੇ ਆਪਣੀ ਪ੍ਰੇਮਿਕਾ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ।
ਪੁਲਿਸ ਮੁਤਾਬਕ ਲੜਕੀ ਗੰਭੀਰ ਜ਼ਖਮੀ ਹੈ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।