ਚੰਡੀਗੜ੍ਹ : ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਸੀਤ ਲਹਿਰ (Cold Wave) ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿ ਸਕਦਾ ਹੈ ਜਾਂ ਇਹ ਆਮ ਤਾਪਮਾਨ ਤੋਂ 4.5 ਡਿਗਰੀ ਹੇਠਾਂ ਆ ਸਕਦਾ ਹੈ। ਅਸਲ ਵਿਚ ਜਦੋਂ ਮੈਦਾਨੀ ਇਲਾਕਿਆਂ ਵਿਚ ਤਾਪਮਾਨ 4 ਡਿਗਰੀ ਸੈਲਸੀਅਸ ਤੋਂ ਹੇਠਾਂ ਜਾਂਦਾ ਹੈ ਤਾਂ ਇਸ ਨੂੰ ਵੀ ਸੀਤ ਲਹਿਰ ਵਰਗੀ ਸਥਿਤੀ ਕਰਾਰ ਦਿੱਤਾ ਜਾਂਦਾ ਹੈ।
ਦਰਅਸਲ, ਅਗਲੇ ਇੱਕ ਹਫ਼ਤੇ ਤੱਕ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਕੋਈ ਵੀ ਵੱਡੀ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਅਸਰ ਨਹੀਂ ਪਵੇਗਾ। ਇਸ ਕਾਰਨ ਉੱਤਰ-ਪੱਛਮੀ ਦਿਸ਼ਾ ਤੋਂ ਠੰਡੀਆਂ ਹਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਚੱਲਦੀਆਂ ਰਹਿਣਗੀਆਂ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 2-4 ਦਿਨਾਂ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ।
ਹਰਿਆਣਾ ਦੇ ਕੁਝ ਜ਼ਿਲ੍ਹਿਆਂ 'ਚ ਵੀ ਸੀਤ ਲਹਿਰ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਸਵੇਰ ਤੋਂ ਹੀ ਕੜਾਕੇ ਦੀ ਠੰਢ ਦੇਖਣ ਨੂੰ ਮਿਲੇਗੀ। ਦਿਨ ਦਾ ਤਾਪਮਾਨ ਆਮ ਦੇ ਨੇੜੇ ਜਾਂ ਆਮ ਨਾਲੋਂ ਥੋੜ੍ਹਾ ਘੱਟ ਰਹੇਗਾ। ਵੈਸਟਰਨ ਡਿਸਟਰਬੈਂਸ ਦੀ ਅਣਹੋਂਦ ਕਾਰਨ ਉੱਤਰੀ ਭਾਰਤ ਵਿੱਚ ਅਗਲੇ ਕਈ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।