ਮੋਹਾਲੀ : ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ। ਡੇਲੀਵੇਜ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੈਂਕੜੇ ਮੁਲਾਜ਼ਮ ਪਿਛਲੇ 15 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਆਗੂਆਂ ਨੇ ਕਿਹਾ ਕਿ ਪ੍ਰਸ਼ੋਨਲ ਵਿਭਾਗ, ਡੀ ਸੀ ਰੇਟ ਅਤੇ ਕਿਰਤ ਵਿਭਾਗ ਅਨੁਸਾਰ ਪੰਜਾਬ ਸਰਕਾਰ ਦੇ ਅਦਾਰੇ ਬੋਰਡ, ਕਾਰਪੋਰੇਸ਼ਨਾਂ ਵਿੱਚ ਡੀ ਸੀ ਰੇਟਾਂ ਤੇ ਕੈਟਾਗਿਰੀ ਏ, ਬੀ, ਸੀ, ਡੀ ਅਧੀਨ ਕਰਦੇ ਹਨ। ਸਰਕਾਰ ਵੱਲੋਂ ਡੀ ਸੀ ਰੇਟਾਂ ਵਾਲੀ ਤਨਖਾਹ ਵੀ ਪੂਰੀ ਨਹੀਂ ਦਿੱਤੀ ਜਾਂਦੀ ਅਤੇ ਕੋਈ ਵੀ ਹਫਤਾਵਰੀ ਰੈਸਟ ਨਹੀਂ ਦਿੱਤੀ ਜਾਂਦੀ।
ਆਗੂਆਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਸਾਡੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਮਦਦ ਕੀਤੀ ਜਾਵੇ। ਕਰਮਚਾਰੀਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਜੋ ਐਕਟ 2021 ਸਰਕਾਰ ਵੱਲੋਂ ਲਿਆਂਦਾ ਗਿਆ ਹੈ ਉਸ ਵਿੱਚ ਬੋਰਡ, ਕਾਰਪੋਰੇਸ਼ਨ ਵਿੱਚ ਕੰਮ ਕਰਦੇ ਸਾਰੇ ਕਾਮਿਆਂ ਨੂੰ ਵੀ ਉਸ ਐਕਟ ਵਿਚ ਸ਼ਾਮਲ ਕੀਤਾ ਜਾਵੇ। ਘੱਟੋ ਘੱਟ ਉਜਰਤ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ।