ਬਿੱਲ ਨੂੰ ਮਨਜ਼ੂਰੀ ਦਿੱਤੀ
ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਦੋ ਵੱਡੇ ਸੁਧਾਰ ਬਿੱਲਾਂ ਨੂੰ ਮਨਜ਼ੂਰੀ ਦਿੱਤੀ। ਪਹਿਲਾ ਵੱਡਾ ਸੁਧਾਰ ਕੁੜੀਆਂ ਲਈ ਵਿਆਹ ਦੀ ਉਮਰ ਨਾਲ ਸਬੰਧਤ ਹੈ। ਮੰਤਰੀ ਮੰਡਲ ਨੇ ਲੜਕੇ ਅਤੇ ਲੜਕੀਆਂ ਲਈ ਵਿਆਹ ਦੀ ਘੱਟੋ-ਘੱਟ ਉਮਰ ਬਰਾਬਰ ਯਾਨੀ 21 ਸਾਲ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦਾ ਹੈ ਤਾਂ ਸਾਰੇ ਧਰਮਾਂ ਅਤੇ ਵਰਗਾਂ ਦੀਆਂ ਲੜਕੀਆਂ ਲਈ ਵਿਆਹ ਦੀ ਘੱਟੋ-ਘੱਟ ਉਮਰ ਬਦਲ ਜਾਵੇਗੀ। ਇਸ ਦੇ ਨਾਲ ਹੀ ਚੋਣ ਸੁਧਾਰਾਂ ਨਾਲ ਸਬੰਧਤ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਜੇਕਰ ਇਹ ਬਿੱਲ ਸੰਸਦ ਵੱਲੋਂ ਪਾਸ ਹੋ ਜਾਂਦਾ ਹੈ ਤਾਂ ਵੋਟਰ ਆਈਡੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਨਾਲ-ਨਾਲ ਨਵੇਂ ਵੋਟਰਾਂ ਨੂੰ ਰਜਿਸਟ੍ਰੇਸ਼ਨ ਦੇ ਹੋਰ ਮੌਕੇ ਮਿਲਣਗੇ। ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਬਿੱਲ ਸੰਸਦ ਦੇ ਮੌਜੂਦਾ ਸੈਸ਼ਨ 'ਚ ਹੀ ਪੇਸ਼ ਕੀਤੇ ਜਾਣਗੇ। ਇਹ ਦੋਵੇਂ ਸੁਧਾਰ ਆਪਣੇ ਆਪ ਵਿਚ ਕ੍ਰਾਂਤੀਕਾਰੀ ਮੰਨੇ ਜਾਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ਵਿੱਚ ਲਾਲ ਕਿਲ੍ਹੇ ਤੋਂ ਆਪਣੇ ਸੰਬੋਧਨ ਦੌਰਾਨ ਲੜਕੀਆਂ ਅਤੇ ਲੜਕਿਆਂ ਲਈ ਵਿਆਹ ਦੀ ਘੱਟੋ-ਘੱਟ ਉਮਰ ਬਰਾਬਰ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਚੋਣ ਸੁਧਾਰਾਂ ਦਾ ਮੁੱਦਾ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਹੈ।