ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸੋਮਵਾਰ ਯਾਨੀ ਅੱਜ ਦਿੱਲੀ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਵਾਲੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਗਠਜੋੜ ’ਤੇ ਅੱਜ ਮੋਹਰ ਲੱਗ ਸਕਦੀ ਹੈ। ਢੀਂਡਸਾ ਨੇ ਕਿਹਾ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਿਰਫ ਪੰਜਾਬ ਦੇ ਹਿੱਤਾਂ ਦੀ ਪੂਰਤੀ ਦਾ ਹੀ ਟੀਚਾ ਹੈ। ਹਾਲਾਂਕਿ ਅੱਗੇ ਦਾ ਐਲਾਨ ਮੁਲਾਕਾਤ ਤੋਂ ਬਾਅਦ ਹੀ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਅਹਿਮ ਮੁੱਦੇ ਹਨ, ਜਿਨ੍ਹਾਂ ਨੂੰ ਅੱਜ ਕੇਂਦਰ ਦੀ ਭਾਜਪਾ ਸਰਕਾਰ ਹੀ ਸੁਲਝਾ ਸਕਦੀ ਹੈ। ਨਾਲ ਹੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਦੇ ਇਕ ਮੰਚ ’ਤੇ ਆਉਣ ਨਾਲ ਪੰਜਾਬ ਦਾ ਮਾਹੌਲ ਠੀਕ ਰਹੇਗਾ। ਇਹ ਪਾਰਟੀਆਂ ਨਾਲ ਮਿਲ ਕੇ ਪੰਜਾਬ ਦੇ ਵਿਗੜੇ ਹਾਲਾਤਾਂ ਨੂੰ ਸੁਧਾਰਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ। ਢੀਂਡਸਾ ਨੇ ਕਿਹਾ ਭਾਜਪਾ ਦੇ ਨਾਲ ਸੀਟ ਸ਼ੇਅਰਿੰਗ ’ਤੇ ਚਰਚਾ ਹੋਵੇਗੀ। ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮੈਦਾਨ ’ਚ ਉਤਾਰਿਆ ਜਾਵੇਗਾ।