ਕਰਨਾਲ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਹਰਿਆਣਾ 'ਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਬੀਤੇ ਕੱਲ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਸਵਾਗਤ ਕੀਤਾ। ਇਥੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਨਗਰ ਕੀਰਤਨ ਦੇ ਗੁਰਦੁਆਰਾ ਨਿੰਮ ਸਾਹਿਬ ਕੈਥਲ ਲਈ ਰਵਾਨਾ ਹੋਣ ਸਮੇਂ ਵੀ ਹਜ਼ਾਰਾਂ ਸੰਗਤਾਂ ਮੌਜੂਦ ਸਨ। ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਕਥਾਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੇ ਉਪਦੇਸ਼ਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਬਾਬਾ ਜੋਗਾ ਸਿੰਘ ਕਰਨਾਲ, ਨਿਸ਼ਾਨ ਸਿੰਘ, ਭਾਈ ਮੰਗਪ੍ਰੀਤ ਸਿੰਘ, ਭਾਈ ਬਹਾਲ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਪਰਮਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ 1 ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਹ ਅੰਤਰਰਾਸ਼ਟਰੀ ਨਗਰ ਕੀਰਤਨ ਹੁਣ ਤੱਕ ਭਾਰਤ ਦੇ 16 ਸੂਬਿਆਂ ਦੀ ਯਾਤਰਾ ਕਰ ਚੁੱਕਾ ਹੈ। ਹਰ ਸੂਬੇ 'ਚ ਸੰਗਤਾਂ ਦਾ ਉਤਸ਼ਾਹ ਮਿਸਾਲੀ ਰਿਹਾ ਹੈ। ਇਸ ਦੌਰਾਨ ਸਿੱਖ ਸੰਗਤਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਲੋਕ ਵੀ ਨਗਰ ਕੀਰਤਨ 'ਚ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਨਗਰ ਕੀਰਤਨ ਦੌਰਾਨ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ, ਕੇਂਦਰੀ ਮੰਤਰੀ, ਰਾਜਪਾਲ, ਮੈਂਬਰ ਪਾਰਲੀਮੈਂਟ ਅਤੇ ਹੋਰ ਸਥਾਨਕ ਪ੍ਰਮੁੱਖ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ।