ਚੰਡੀਗੜ੍ਹ : ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਜ਼ੋਰਾਂ ਉਤੇ ਹਨ । ਇਸ ਲੜੀ ਵਿਚ ਸੱਭ ਤੋਂ ਅੱਗੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਹਨ। ਕਿਉਂਕਿ ਉਨ੍ਹਾਂ ਨੇ ਲੱਗਭਗ ਸਾਰੇ ਉਮੀਦਵਾਰ ਐਲਾਨ ਦਿਤੇ ਹਨ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪਾਰਟੀ ਸ਼ੁੱਕਰਵਾਰ ਨੂੰ ਪਹਿਲੀ ਸੂਚੀ ਜਾਰੀ ਕਰਨ ਜਾ ਰਹੀ ਹੈ। ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਦਿੱਗਜਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਹ ਵੀ ਸੰਭਾਵਨਾ ਹੈ ਕਿ ਚੰਨੀ ਚਮਕੌਰ ਸਾਹਿਬ ਤੋਂ ਇਲਾਵਾ ਆਦਮਪੁਰ ਸੀਟ ਤੋਂ ਵੀ ਚੋਣ ਲੜ ਸਕਦੇ ਹਨ।
ਉੱਤਰ ਪ੍ਰਦੇਸ਼ ਵਿੱਚ 125 ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਜਾ ਰਹੀ ਹੈ। ਪਾਰਟੀ ਦੇ ਕੁਝ ਆਗੂਆਂ ਮੁਤਾਬਕ ਹੁਣ ਸਿੱਧੂ ਤੇ ਚੰਨੀ ਨੇ ਵੀ ਪਹਿਲੀ ਸੂਚੀ ਜਾਰੀ ਕਰਨ ਲਈ ਹਾਮੀ ਭਰ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਤੱਕ ਆਉਣ ਦੀ ਸੰਭਾਵਨਾ ਹੈ। ਇਸ ਸੂਚੀ ਵਿੱਚ ਸਾਬਕਾ ਸੈਨਿਕਾਂ ਦੇ ਨਾਲ-ਨਾਲ ਜ਼ਿਆਦਾਤਰ ਨੌਜਵਾਨਾਂ ਨੂੰ ਪਹਿਲ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਦਿੱਤੀਆਂ ਜਾਣਗੀਆਂ। ਇਸ ਸੂਚੀ ਵਿੱਚ ਕੁਝ ਨੌਜਵਾਨ ਅਜਿਹੇ ਹਨ ਜੋ ਪਹਿਲੀ ਵਾਰ ਚੋਣ ਲੜ ਰਹੇ ਹਨ। ਉਨ੍ਹਾਂ ਨੂੰ ਟਿਕਟ ਦੇਣ ਦਾ ਵੱਡਾ ਕਾਰਨ ਪਿਛਲੇ ਲੰਮੇ ਸਮੇਂ ਤੋਂ ਜਥੇਬੰਦਕ ਢਾਂਚੇ ਵਿੱਚ ਕੰਮ ਕਰ ਰਹੇ ਨੌਜਵਾਨ ਉਮੀਦਵਾਰਾਂ ਨੂੰ ਦੱਸਿਆ ਜਾ ਰਿਹਾ ਹੈ। 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ। ਇਸ ਤੋਂ ਇਲਾਵਾ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਸੀਟ ਤੋਂ ਚੋਣ ਲੜਨਗੇ ਪਰ ਦੂਜੀ ਸੀਟ ਤੋਂ ਉਨ੍ਹਾਂ ਦੀ ਉਮੀਦਵਾਰੀ ਨੂੰ ਵੀ ਹਾਈਕਮਾਂਡ ਨੇ ਮਨਜ਼ੂਰੀ ਦੇ ਦਿੱਤੀ ਹੈ। ਕਾਂਗਰਸ ਆਦਮਪੁਰ ਸੀਟ ਨੂੰ ਦੂਜੀ ਸੀਟ ਮੰਨ ਰਹੀ ਹੈ। ਆਦਮਪੁਰ ਸੀਟ ਜਲੰਧਰ ਜ਼ਿਲ੍ਹੇ ਵਿੱਚ ਆਉਂਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਦੀ ਹਾਮੀ ਭਰੀ ਹੈ।