ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਕਸਬਾ ਪੁਰਾਣਾ ਸ਼ਾਲਾ ਵਿੱਚ ਭਾਜਪਾ ਉਮੀਦਵਾਰ ਰੇਣੂ ਕਸ਼ਯਪ ਦੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਸੀਨੀਅਰ ਭਾਜਪਾ ਆਗੂਆਂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ।
ਕਿਸਾਨ ਹੰਸਰਾਜ ਹੰਸ ਦੀ ਗੱਡੀ ਅੱਗੇ ਆ ਗਏ ਤੇ ਬੀਜੇਪੀ, ਬੀਜੇਪੀ ਲੀਡਰ ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿੱਚ ਕਿਸਾਨਾਂ ਨੇ ਕਾਫਲੇ ਨੂੰ ਘੇਰ ਲਿਆ ਤੇ ਗੱਡੀ ਵੱਲ ਵਧਣ ਲੱਗੇ।
ਪੁਲਿਸ ਕਿਸਾਨਾਂ ਨੂੰ ਰੋਕਦੀ ਨਜ਼ਰ ਆਈ।ਜ਼ਿਲ੍ਹਾ ਪ੍ਰਧਾਨ ਕਿਸਾਨ ਮਜ਼ਦੂਰ ਕਮੇਟੀ ਬੀਬੀ ਦਵਿੰਦਰ ਕੌਰ, ਡਾ ਦਲਜੀਤ ਸਿੰਘ ਤੇ ਸੁਖਵਿੰਦਰ ਸਿੰਘ ਗੋਹਤ ਪੋਖਰ ਨੇ ਕਿਹਾ ਕਿ ਭਾਜਪਾ ਕਿਸਾਨ ਅਤੇ ਆਮ ਲੋਕਾਂ ਦੀ ਵਿਰੋਧੀ ਹੈ।
ਇਸ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਾਜਪਾ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਨੇ ਕਾਫੀ ਮੁਸ਼ੱਕਤ ਨਾਲ ਹੰਸ ਰਾਜ ਹੰਸ ਅਤੇ ਹੋਰਨਾਂ ਭਾਜਪਾ ਆਗੂਆਂ ਨੂੰ ਪੁਰਾਣਾ ਸ਼ਾਲਾ ਤੋਂ ਬਾਹਰ ਕੱਢਿਆ।