ਚੰਡੀਗੜ੍ਹ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਧਾਨ ਸਭਾ ਚੋਣਾਂ ਵਿੱਚ ਮਦਦ ਲਈ ਆਪਣੇ ਪੱਤੇ ਖੋਲ੍ਹ ਦਿੱਤੇ ਹਨ ਪਰ ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ ਅਤੇ ਇਹ ਸੁਨੇਹਾ ਡੇਰਾ ਪ੍ਰੇਮੀਆਂ ਤਕ ਪਹੁੰਚਾਇਆ ਜਾ ਰਿਹਾ ਹੈ। ਡੇਰਾ ਸੂਤਰਾਂ ਅਨੁਸਾਰ ਇਸ ਵਾਰ ਡੇਰਾ ਸੱਚਾ ਸੌਦਾ ਨੇ ਸਪੱਸ਼ਟ ਤੌਰ 'ਤੇ ਕਿਸੇ ਇਕ ਪਾਰਟੀ ਦੀ ਹਮਾਇਤ ਨਹੀਂ ਕੀਤੀ ਸਗੋਂ ਵੱਖ-ਵੱਖ ਸਰਕਲਾਂ ਤੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਹੀ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪਰ ਇਹ ਤਾਂ ਵਿਧਾਨ ਸਭਾ ਹਲਕਿਆਂ ਮੁਤਾਬਕ ਹੀ ਹੋਵੇਗਾ ਕਿ ਕਿਸ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਦੀ ਹਮਾਇਤ ਕੀਤੀ ਹੈ। ਸੂਤਰ ਦੱਸਦੇ ਹਨ ਕਿ ਬਠਿੰਡਾ ਜ਼ਿਲ੍ਹੇ ਦੀ ਮੌੜ ਵਿਧਾਨ ਸਭਾ ਹਲਕੇ ਨੇ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੀ ਹਮਾਇਤ ਕੀਤੀ ਹੈ ਜਦੋਂਕਿ ਬਠਿੰਡਾ ਸ਼ਹਿਰੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਲਈ ਕਿਹਾ ਗਿਆ ਹੈ। ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੀ ਹਮਾਇਤ ਕੀਤੀ ਗਈ ਹੈ ਜਦਕਿ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਸ਼ੑੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਨੂੰ ਹਮਾਇਤ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।