ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਵਿਜ਼ਨ ‘ਤੇ ਡਿਬੇਟ ਕਰਨਾ ਚਾਹੁੰਦੇ ਹਨ। ਪਿਛਲੇ ਦੋ ਦਹਾਕਿਆਂ ਵਿੱਚ ਪਹਿਲੀ ਵਾਰ ਕੋਈ ਪਾਕਿਸਤਾਨੀ ਪ੍ਰਧਾਨ ਮੰਤਰੀ ਰੂਸ ਦਾ ਦੌਰਾ ਕਰ ਰਿਹਾ ਹੈ। ਆਪਣੀ ਦੋ ਦਿਨਾਂ ਯਾਤਰਾ ਦੌਰਾਨ ਖਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨਗੇ ਅਤੇ ਪ੍ਰਮੁੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨਗੇ।
ਇੱਕ ਇੰਟਰਵਿਊ ਵਿੱਚ ਇਮਰਾਨ ਖਾਨ ਨੇ ਕਿਹਾ, “ਉਹਟੀਵੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਡਿਬੇਟ ਕਰਨਾ ਪਸੰਦ ਕਰਨਗੇ। ਇਕ ਸਵਾਲ ਦੇ ਜਵਾਬ ‘ਚ ਖਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਤਹਿਰੀਕ-ਏ-ਇਨਸਾਫ 2018 ‘ਚ ਸੱਤਾ ‘ਚ ਆਈ ਸੀ ਤਾਂ ਉਨ੍ਹਾਂ ਨੇ ਤੁਰੰਤ ਭਾਰਤ ਨਾਲ ਸੰਪਰਕ ਕੀਤਾ ਸੀ ਅਤੇ ਭਾਰਤੀ ਲੀਡਰਸ਼ਿਪ ਨੂੰ ਕਸ਼ਮੀਰ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਭਾਰਤ ਨੇ ਉਨ੍ਹਾਂ ਦੀ ਪਹਿਲਕਦਮੀ ਦਾ ਕੋਈ ਸਕਾਰਾਤਮਕ ਹੁੰਗਾਰਾ ਨਹੀਂ ਦਿੱਤਾ। 2016 ‘ਚ ਪਠਾਨਕੋਟ ਏਅਰਫੋਰਸ ਬੇਸ ‘ਤੇ ਭਾਰਤ ‘ਚ ਅੱਤਵਾਦੀ ਸੰਗਠਨਾਂ ਵਲੋਂ ਕੀਤੇ ਗਏ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਸਬੰਧ ਹੋਰ ਤਣਾਅਪੂਰਨ ਹੋ ਗਏ ਸਨ।
ਉੜੀ ‘ਚ ਭਾਰਤੀ ਫੌਜ ਦੇ ਕੈਂਪ ‘ਤੇ ਹਮਲੇ ਸਮੇਤ ਬਾਅਦ ਦੇ ਕਈ ਹਮਲਿਆਂ ਨੇ ਰਿਸ਼ਤਿਆਂ ‘ਚ ਖਟਾਸ ਪੈਦਾ ਕਰ ਦਿੱਤੀ ਸੀ। ਇਸ ਤੋਂ ਬਾਅਦ, ਭਾਰਤ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਜਵਾਬ ਵਿਚ, 26 ਫਰਵਰੀ 2019 ਨੂੰ, ਪਾਕਿਸਤਾਨ ਵਿਚ ਦਾਖਲ ਹੋ ਕੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸਿਖਲਾਈ ਕੈਂਪ ‘ਤੇ ਜੰਗੀ ਜਹਾਜ਼ਾਂ ਨਾਲ ਹਮਲਾ ਕੀਤਾ। ਅਗਸਤ 2019 ਵਿੱਚ, ਭਾਰਤ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਸਬੰਧ ਪਹਿਲਾਂ ਨਾਲੋਂ ਵਿਗੜ ਗਏ। ਭਾਰਤ ਨੇ ਪਾਕਿਸਤਾਨ ਨੂੰ ਵਾਰ-ਵਾਰ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇਸ਼ ਦਾ ਅਹਿਮ ਹਿੱਸਾ ਸੀ, ਹੈ ਅਤੇ ਰਹੇਗਾ।
ਖਾਨ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਸੰਘਰਸ਼ ਦੇ “ਸ਼ਾਂਤੀਪੂਰਨ ਹੱਲ” ਦੀ ਉਮੀਦ ਪ੍ਰਗਟ ਕੀਤੀ ਅਤੇ ਕਿਹਾ ਕਿ ਫੌਜੀ ਸੰਘਰਸ਼ ਕਦੇ ਵੀ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਦੇ। ਖਾਨ ਨੇ ਕਿਹਾ ਕਿ ਉਸਨੂੰ ਭਰੋਸਾ ਹੈ ਕਿ ਯੂਕਰੇਨ ਅਤੇ ਰੂਸ ਸੰਘਰਸ਼ ਦੇ ਨਤੀਜਿਆਂ ਤੋਂ ਜਾਣੂ ਸਨ।