ਨਵੀਂ ਦਿੱਲੀ: ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ ਹੈ।
ਭਾਰਤ ਪਰਤੇ ਵਿਦਿਆਰਥੀਆਂ ਨੇ ਕਿਹਾ, "ਅਸੀਂ ਰੋਮਾਨੀਆ ਤੋਂ ਹੋ ਕੇ ਆਏ ਹਾਂ ਅਤੇ ਉੱਥੋਂ ਦੇ ਲੋਕਾਂ ਨੇ ਸਾਡੇ ਲਈ ਘਰ ਦਾ ਤਿਆਰ ਕੀਤਾ ਖਾਣਾ ਦਿੱਤਾ। ਸਾਨੂੰ ਯੂਕਰੇਨ ਤੋਂ ਸੁਰੱਖਿਅਤ ਘਰ ਪਹੁੰਚਾਉਣ ਲਈ ਅਸੀਂ ਭਾਰਤ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ।''
ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ, ਪੀਐਮ ਮੋਦੀ ਖੁਦ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਅਸੀਂ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿਚ ਟੀਮਾਂ ਭੇਜੀਆਂ ਹਨ। ਉਹਨਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਮੌਜੂਦਾ ਸਥਿਤੀ ਨੂੰ ਲੈ ਕੇ ਇਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ।
ਭਾਰਤ ਨੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਲਈ ‘ਆਪਰੇਸ਼ਨ ਗੰਗਾ’ ਸ਼ੁਰੂ ਕੀਤਾ ਹੈ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਆਪਰੇਸ਼ਨ ਦਾ ਖਰਚਾ ਭਾਰਤ ਸਰਕਾਰ ਵਲੋਂ ਚੁੱਕਿਆ ਜਾਵੇਗਾ।
ਉਹਨਾਂ ਦੱਸਿਆ ਕਿ ਸੰਘਰਸ਼ ਸ਼ੁਰੂ ਹੋਣ ਤੋਂ ਪਹਿਲਾਂ 4000 ਭਾਰਤੀ ਕੀਵ ਛੱਡ ਚੁੱਕੇ ਸਨ।ਵਿਦੇਸ਼ ਸਕੱਤਰ ਨੇ ਕਿਹਾ ਕਿ ਜੰਗ ਕਾਰਨ ਹਵਾਈ ਖੇਤਰ ਬੰਦ ਹੈ, ਇਸ ਲਈ ਲੋਕਾਂ ਨੂੰ ਕੱਢਣ ਲਈ ਹੋਰ ਰਸਤਿਆਂ ਦਾ ਵਿਕਲਪ ਵਰਤਿਆ ਜਾਵੇਗਾ।
ਚਾਰ ਗੁਆਂਢੀ ਮੁਲਕਾਂ ਹੰਗਰੀ, ਪੋਲੈਂਡ, ਰੋਮਾਨੀਆ ਅਤੇ ਸਲੋਵਾਕੀਆ ਰਾਹੀਂ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਕੀਵ ਵਿਚ ਭਾਰਤੀ ਦੂਤਾਵਾਸ ਲਗਾਤਾਰ ਕੰਮ ਕਰ ਰਿਹਾ ਹੈ।
ਹਾਲਾਂਕਿ ਉਹਨਾਂ ਇਹ ਵੀ ਕਿਹਾ ਕਿ ਯੂਕਰੇਨ ਵਿਚ ਮਾਰਸ਼ਲ ਲਾਅ ਲਾਗੂ ਹੋਣ ਕਾਰਨ ਉਥੋਂ ਭਾਰਤੀਆਂ ਨੂੰ ਕੱਢਣ ਦੀ ਯੋਜਨਾ ਵਿਚ ਕੁਝ ਮੁਸ਼ਕਲਾਂ ਆ ਰਹੀਆਂ ਹਨ।