ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨੋਟਿਸ ਜਾਰੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਮੂਹਰੇ ਧਰਨਾ ਲਗਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਵਿਚ ਲਿਖਿਆ ਗਿਆ ਕਿ ਜੋ ਅਧਿਆਪਕ ਜਰੂਰੀ ਕੰਮ ਜਾਂ ਘਰੇਲੂ ਕੰਮ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਧਰਨੇ ਵਿਚ ਸ਼ਾਮਲ ਹੋਏ ਹਨ, ਉਹਨਾਂ ਦੀ ਛੁੱਟੀ ਰੱਦ ਕਰਦੇ ਹੋਏ ਹਦਾਇਤਾਂ ਅਨੁਸਾਰ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ।
ਧਰਨਾ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਹ ਧਰਨਾ ਡੈਪੂਟੇਸ਼ਨ 'ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਗਿਆ ਸੀ।
ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ।
ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।