ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਡਰਾਈਵਰ ਅਤੇ ਉਸ ਦੇ ਕਲੀਨਰ ਨੂੰ ਕਾਬੂ ਕਰ ਕੇ ਅਫ਼ੀਮ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਇਨਵੈਸਟੀਗੇਸ਼ਨ ਨਿਰਮਲ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਭਗਵੰਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਭਗਤ ਸਿੰਘ ਕਾਲੋਨੀ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕਿ ਮਕਸੂਦਾਂ ਵੱਲੋਂ ਟਰੱਕ ਨੰਬਰ ਪੀਬੀ 11 ਬੀਐੱਨ 7990 ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਟਰੱਕ ਡਰਾਈਵਰ ਨੇ ਬਰੇਕ ਲਾਉਣ ਤੋਂ ਬਾਅਦ ਟਰੱਕ 'ਚੋਂ ਹੇਠਾਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਨੇ ਰੋਕ ਕੇ ਜਦ ਸ਼ਹਿਰ ਵਿਚ ਆਉਣ ਦਾ ਕਾਰਨ ਪੁੱਛਿਆ ਤਾਂ ਉਹ ਟਾਲ-ਮਟੋਲ ਕਰਨ ਲੱਗਾ।
ਇਸ 'ਤੇ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੇ ਟਰੱਕ ਦੇ ਕੈਬਿਨ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਸ ਵਿਚੋਂ ਅੱਧਾ ਕਿਲੋ ਅਫੀਮ ਮਿਲੀ। ਇਸ 'ਤੇ ਟਰੱਕ ਡਰਾਈਵਰ ਜਗਦੇਵ ਸਿੰਘ ਅਤੇ ਕਲੀਨਰ ਮਲਕੀਤ ਸਿੰਘ ਮੀਤਾ ਦੋਵੇਂ ਵਾਸੀ ਬਾਬਾ ਬਕਾਲਾ ਜ਼ਿਲ੍ਹਾ ਅੰਮਿ੍ਤਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਦੋਵਾਂ ਖ਼ਿਲਾਫ਼ ਥਾਣਾ ਇਕ ਵਿਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ।
ਜਗਦੀਪ ਸਿੰਘ ਖ਼ਿਲਾਫ਼ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਥਾਣੇ ਵਿਚ 2017 ਵਿਚ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੋਇਆ ਸੀ, ਜਿਸ ਵਿਚ ਉਸ ਨੂੰ ਦੱਸ ਸਾਲ ਸਜ਼ਾ ਹੋ ਚੁੱਕੀ ਹੈ।
ਉਕਤ ਮਾਮਲੇ ਵਿਚ ਉਹ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ। ਇਸ ਤੋਂ ਇਲਾਵਾ ਮਲਕੀਤ ਸਿੰਘ ਦੇ ਖ਼ਿਲਾਫ਼ ਵੀ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ।