ਸਿੱਧੂ ਸਮੇਤ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ
ਕਿਹਾ, CM ਭਗਵੰਤ ਮਾਨ ਤੁਰੰਤ ਸਟੈਂਡ ਕਲੀਅਰ ਕਰੋ
ਚੰਡੀਗੜ੍ਹ : ਚੰਡੀਗੜ੍ਹ ਤੋਂ ਸ਼ੁਰੂ ਹੋਇਆ ਪੰਜਾਬ-ਹਰਿਆਣਾ ਦਾ ਵਿਵਾਦ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਤੱਕ ਪਹੁੰਚ ਗਿਆ ਹੈ। 'ਆਪ' ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਹਰਿਆਣਾ ਵਿਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਹਰਿਆਣਾ ਦੇ ਖੇਤਾਂ ਨੂੰ ਐਸਵਾਈਐਲ ਦਾ ਪਾਣੀ ਸਪਲਾਈ ਕਰਨ ਦਾ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ 'ਚ ਹੰਗਾਮਾ ਮਚ ਗਿਆ। ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਘੇਰਿਆ ਹੈ।
ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਤਾਂ ਇੱਥੋਂ ਤੱਕ ਸਵਾਲ ਕਰ ਦਿੱਤਾ ਕਿ ਐਸਵਾਈਐਲ ਦੇ ਮੁੱਦੇ 'ਤੇ ਬਿਆਨ ਦੇਣ ਵਾਲਾ ਇਹ 'ਆਪ' ਆਗੂ ਸੁਸ਼ੀਲ ਗੁਪਤਾ ਕੌਣ ਹੈ ? ਹਰਿਆਣਾ ਸਰਕਾਰ ਦੇ ਇਸ ਮਾਮਲੇ 'ਚ ਸੁਪਰੀਮ ਕੋਰਟ 'ਚ ਪੰਜਾਬ ਦੇ ਖਿਲਾਫ ਮਾਣਹਾਨੀ ਪਟੀਸ਼ਨ ਦੀ ਤਿਆਰੀ ਤੋਂ ਬਾਅਦ ਮਾਮਲਾ ਗਰਮ ਹੋ ਗਿਆ ਹੈ। ਹਾਲਾਂਕਿ ਸੀਐਮ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ਨੇ ਇਸ ਬਾਰੇ ਚੁੱਪ ਧਾਰੀ ਹੋਈ ਹੈ।
ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਨੂੰ ਐਸਵਾਈਐਲ ਨਹਿਰ ਰਾਹੀਂ ਪੰਜਾਬ ਦਾ ਪਾਣੀ ਸਪਲਾਈ ਕਰਨ ਦੀ ਗਾਰੰਟੀ ਦਿੱਤੀ ਹੈ। ਇਸ ਨਾਲ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੂੰ ਇਸ 'ਤੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸੀਐਮ ਭਗਵੰਤ ਮਾਨ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਦੁਸ਼ਮਣ ਦਰਵਾਜ਼ੇ 'ਤੇ ਹੈ। ਐੱਸ.ਵਾਈ.ਐੱਲ ਦਾ ਮੁਦੇ ਉਤੇ ਪੰਜਾਬ ਦਾ ਘਾਣ ਹੋਣ ਵਾਲਾ ਹੈ। 'ਆਪ' ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਕਿ ਉਹ ਹਰਿਆਣਾ ਨੂੰ ਪਾਣੀ ਦੇਣਗੇ। ਪੰਜਾਬ ਦੇ 'ਆਪ' ਅਤੇ ਇਸ ਦੇ ਸੰਸਦ ਮੈਂਬਰ ਕਿਉਂ ਚੁੱਪ ਹਨ?
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰਿਆਣਾ 'ਆਪ' ਦੇ ਇੰਚਾਰਜ ਸੁਸ਼ੀਲ ਗੁਪਤਾ ਦੇ ਐੱਸਵਾਈਐੱਲ 'ਤੇ ਦਿੱਤੇ ਬਿਆਨ ਤੋਂ ਸਪੱਸ਼ਟ ਹੈ ਕਿ 'ਆਪ' ਅਤੇ ਭਾਜਪਾ ਵਿਚਾਲੇ ਫਿਕਸਡ ਮੈਚ ਹੈ। ਰਾਜ ਸਭਾ 'ਚ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰ ਇਸ ਮੁੱਦੇ 'ਤੇ ਚੁੱਪ ਕਿਉਂ ਹਨ? ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਕੀ ਮਾਨ SYL ਦੇ ਬਿਆਨ ਨਾਲ ਸਹਿਮਤ ਹਨ ? BJP
ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪਾਰਟੀ ਆਗੂਆਂ ਨੇ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਭਰੋਸੇ ਵਿੱਚ ਲਿਆ ਸੀ।