Friday, November 22, 2024
 

ਸਿਆਸੀ

ਪੰਜਾਬ 'ਚ ਆਬਕਾਰੀ ਨੀਤੀ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਿਤੀ ਕੀਤੀ ਸਾਫ਼

April 25, 2022 07:47 PM

ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।

ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ।

ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ।

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ‘ਤੇ ਹੋਵੇਗਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe