ਚੰਡੀਗੜ੍ਹ: ਪਟਿਆਲਾ ਹਿੰਸਾ ਘਟਨਾ ਦੇ ਮਾਸਟਰਮਾਈਂਡ ਦੱਸੇ ਜਾ ਰਹੇ ਬਰਜਿੰਦਰ ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਮੁਹਾਲੀ ਤੋਂ ਹਿਰਾਸਤ ਵਿਚ ਲੈ ਲਿਆ ਹੈ। ਹੁਣ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਸ ਗੱਲ ਦੀ ਪੁਸ਼ਟੀ ਮੌਜੂਦਾ ਸਮੇਂ ਆਈਜੀ ਪਟਿਆਲਾ ਮੁਖਵਿੰਦਰ ਸਿੰਘ ਛੀਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ ਹੈ। ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸੇ ਨਿਰਦੋਸ਼ ਨੂੰ ਤੰਗ ਨਹੀਂ ਕੀਤਾ ਜਾਵੇਗਾ ਪਰ ਇਸ ਘਟਨਾ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਹਨਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।
ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪਰਵਾਨਾ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਨੇ ਹਰੀਸ਼ ਸਿੰਗਲਾ ਦੇ ਜਾਣਕਾਰ ਸ਼ੰਕਰ ਭਾਰਦਵਾਜ ਅਤੇ ਤਿੰਨ ਹੋਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੋਸ਼ਲ ਮੀਡੀਆ 'ਤੇ ਨਫਰਤ ਭਰਿਆ ਭਾਸ਼ਣ ਦੇਣ ਦੇ ਮਾਮਲੇ 'ਚ ਪੁਲਿਸ ਨੇ ਗੱਗੀ ਪੰਡਿਤ 'ਤੇ ਵੀ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਆਈਜੀ ਛੀਨਾ ਨੇ ਦੱਸਿਆ ਕਿ ਐਸਐਸਪੀ ਦੀਪਕ ਪਾਰਿਖ ਦੀ ਅਗਵਾਈ ਵਿਚ ਪਟਿਆਲਾ ਪੁਲਿਸ ਦੀਆਂ 20 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਪੰਜਾਬ ਭਰ ਵਿਚ ਛਾਪੇਮਾਰੀ ਕਰ ਰਹੀਆਂ ਹਨ।
ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਜ਼ਿਲ੍ਹੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਸੇ ਵੀ ਅਜਿਹੀ ਤੱਥਹੀਣ ਪੋਸਟ ਨੂੰ ਟਵਿਟਰ, ਇੰਸਟਾਗ੍ਰਾਮ ਜਾਂ ਫੇਸਬੁਕ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਸਾਂਝੀ ਨਾ ਕੀਤਾ ਜਾਵੇ, ਜੋ ਸਮਾਜ ਵਿਚ ਅਸ਼ਾਂਤੀ ਤੇ ਦੋ ਫ਼ਿਰਕਿਆਂ ਜਾਂ ਲੋਕਾਂ ਵਿਚ ਝਗੜੇ ਪੈਦਾ ਕਰਦੀ ਹੋਵੇ।
ਉਹਨਾਂ ਕਿਹਾ ਕਿ ਅਜਿਹੀ ਪੋਸਟ ਬਾਰੇ ਜਾਣਕਾਰੀ ਡੀਸੀਪਟਿਆਲਾਪੀਬੀ @DCPatialaPb ਦੇ ਟਵਿਟਰ ਖਾਤੇ 'ਤੇ ਡਾਇਰੈਕਟ ਮੈਸੇਜ ਕਰਕੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਪਰਵਾਨਾ ਰਾਜਪੁਰਾ ਦੇ ਵਸਨੀਕ ਹਨ। ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਪਹਿਲਾਂ ਵੀ ਪਰਵਾਨਾ ਉੱਪਰ ਚਾਰ ਐੱਫਆਈਆਰ ਦਰਜ ਹਨ।
ਇਹਨਾਂ ਵਿਚੋਂ ਤਿੰਨ ਐੱਫਆਈਆਰ ਪਟਿਆਲਾ ਜ਼ਿਲ੍ਹੇ ਵਿਚ ਹਨ ਜਦਕਿ ਇਕ ਮੁਹਾਲੀ ਵਿਚ ਹੈ। ਦੱਸ ਦੇਈਏ ਕਿ ਹਰੀਸ਼ ਸਿੰਗਲਾ ਨੂੰ ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬੀਤੇ ਦਿਨ ਉਸ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ 6 ਖਿਲਾਫ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਜਦਕਿ ਮਾਮਲੇ ਵਿਚ 25 ਲੋਕ ਨਾਮਜ਼ਦ ਹਨ।