Friday, November 22, 2024
 

ਰਾਸ਼ਟਰੀ

AIIMS ਵਿੱਚ ਕਰਵਾਇਆ ਜਾਵੇ ਜਗਤਾਰ ਸਿੰਘ ਹਵਾਰਾ ਦਾ ਇਲਾਜ - ਹਾਈ ਕੋਰਟ

May 07, 2022 09:23 PM

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਜੇਲ੍ਹ ਅਧਿਕਾਰੀਆਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਿਮਾਗੀ ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉਹ ਕੁਝ ਦਿਮਾਗੀ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਜਸਟਿਸ ਯਸ਼ਵੰਤ ਵਰਮਾ ਨੇ ਸਟੇਟਸ ਰਿਪੋਰਟ ਅਤੇ ਹਸਪਤਾਲਾਂ ਦੀ ਸੂਚੀ ਨੂੰ ਘੋਖਣ ਤੋਂ ਬਾਅਦ ਬੁੱਧਵਾਰ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹਵਾਰਾ ਨੂੰ ਨਿਊਰੋਲੋਜੀ ਵਿਭਾਗ ਵਿੱਚ ਜਾਂਚ ਅਤੇ ਇਲਾਜ ਲਈ ਏਮਜ਼ ਵਿੱਚ ਲਿਜਾਇਆ ਜਾਵੇ।

ਹਾਈ ਕੋਰਟ ਨੇ ਅਧਿਕਾਰੀਆਂ ਨੂੰ ਇਸ ਦੌਰਾਨ ਅਧਿਕਾਰੀ ਨੂੰ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਗਤਾਰ ਸਿੰਘ ਹਵਾਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸੁਪਰਡੈਂਟ ਨੂੰ ਆਪਣੀ ਮਰਜ਼ੀ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ, ਜਿਸ ਦੇ ਇਲਾਜ ਤੇ ਸੁਰੱਖਿਆ ਦਾ ਖਰਚਾ ਵੀ ਉਹ ਚੁੱਕਣ ਲਈ ਤਿਆਰ ਹੈ।

ਹਵਾਰਾ ਦੇ ਵਕੀਲ ਮਨਿੰਦਰ ਸਿੰਘ ਅਤੇ ਏਕਤਾ ਵਤਸ ਨੇ ਦਲੀਲ ਦਿੱਤੀ ਕਿ ਉਹ ਉਮਰ ਕੈਦ ਦਾ ਦੋਸ਼ੀ ਹੈ ਅਤੇ 26 ਸਾਲਾਂ ਤੋਂ ਤਿਹਾੜ ਜੇਲ੍ਹ ਦੇ ਹਾਈ ਸਕਿਓਰਿਟੀ ਵਾਲੇ ਵਾਰਡ ਵਿੱਚ ਬੰਦ ਹੈ। ਉਸ ਦੇ ਮੱਥੇ ਦੇ ਕੋਲ ਸਿਰ ਦੇ ਉਪਰਲੇ ਸੱਜੇ ਪਾਸੇ ਇੱਕ ਕਲਾਟ ਹੈ, ਜਿਸ ਕਰਕੇ ਉਸ ਨੂੰ ਤੁਰੰਤ ਇਲਾਜ ਅਤੇ ਨਿੱਜੀ ਹਸਪਤਾਲ ਵਿੱਚ ਅਪਰੇਸ਼ਨ ਕਰਵਾਉਣ ਦੀ ਲੋੜ ਹੈ। ਹਵਾਰਾ ਇਲਾਜ ਦੇ ਨਾਲ-ਨਾਲ ਉਸ ਦੀ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਖਰਚਾ ਚੁੱਕਣ ਲਈ ਵੀ ਤਿਆਰ ਹੈ।

ਬੈਂਚ ਨੇ ਜੇਲ੍ਹ ਅਧਿਕਾਰੀਆਂ ਨੂੰ ਪਟੀਸ਼ਨਰ ਦੀ ਮੈਡੀਕਲ ਸਥਿਤੀ ਬਾਰੇ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਪਟੀਸ਼ਨ ਨੂੰ ਵਿਚਾਰਨ ਅਤੇ ਸੁਣਨ ਤੋਂ ਬਾਅਦ ਬੈਂਚ ਨੇ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਦੀ ਸੂਚੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਨ੍ਹਾਂ ਵਿੱਚ ਦਿਮਾਗੀ ਇਲਾਜ ਦੀਆਂ ਸਹੂਲਤਾਂ ਹਨ। ਜੇਲ੍ਹ ਪ੍ਰਸ਼ਾਸਨ ਨੇ ਏਮਜ਼ ਸਣੇ ਚਾਰ ਹਸਪਤਾਲਾਂ ਦੀ ਸੂਚੀ ਤਿਆਰ ਕੀਤੀ ਗਈ।

ਹਵਾਰਾ ਨੂੰ CBI ਵੱਲੋਂ ਦਾਇਰ ਕੇਸ ਵਿੱਚ ਚੰਡੀਗੜ੍ਹ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਮੌਤ ਦੀ ਸਜ਼ਾ ਨੂੰ ਇਸ ਨਿਰਦੇਸ਼ ਨਾਲ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਕਿ ਉਸ ਦੀ ਬਾਕੀ ਉਮਰ ਤੱਕ ਉਸ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ।

 

Have something to say? Post your comment

 
 
 
 
 
Subscribe